ਮਾਛੀਵਾੜਾ ਸਾਹਿਬ ਨੇੜੇ ਸਰਹਿੰਦ ਨਹਿਰ ਵਿੱਚ ਡਿੱਗੀ ਸ਼ਰਾਬ ਨਾਲ ਭਰੀ ਗੱਡੀ, ਦੋ ਨੌਜਵਾਨਾਂ ਦੀ ਮੌਤ
- ਲੁਧਿਆਣਾ
- (Asia/Kolkata)
ਲੁਧਿਆਣਾ ਜ਼ਿਲ੍ਹੇ ਦੇ ਮਾਛੀਵਾੜਾ ਸਾਹਿਬ ਨੇੜੇ ਗੜ੍ਹੀ ਪੁਲ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਸ਼ਰਾਬ ਨਾਲ ਭਰੀ ਗੱਡੀ ਸਰਹਿੰਦ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਗੱਡੀ ਸਵਾਰ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਲੰਬੀ ਮੁਸ਼ੱਕਤ ਤੋਂ ਬਾਅਦ ਗੱਡੀ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਤਲਾਸ਼ੀ ਦੌਰਾਨ ਗੱਡੀ ਵਿੱਚੋਂ ਵੱਡੀ ਮਾਤਰਾ ਵਿੱਚ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ। ਇਸ ਦੇ ਨਾਲ ਹੀ ਗੱਡੀ ਵਿੱਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਵੀ ਮਿਲੀਆਂ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਆਕਾਸ਼ਦੀਪ (19) ਅਤੇ ਵਕਾਸ਼ਦੀਪ (20) ਵਜੋਂ ਹੋਈ ਹੈ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੱਡੀ ਵਿੱਚੋਂ ਮਿਲੀ ਸ਼ਰਾਬ ਦੇ ਸਰੋਤ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਦੌਰਾਨ ਜੇਕਰ ਕੋਈ ਵੀ ਵਿਅਕਤੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Leave a Reply