ਹੌਜ਼ ਰਾਣੀ ਸਥਿਤ ਹੋਟਲ ਦੀਆਂ ਕਈ ਮੰਜ਼ਿਲਾਂ ਅੱਗ ਦੀ ਲਪੇਟ ਵਿੱਚ, ਫਾਇਰ ਬ੍ਰਿਗੇਡ ਮੌਕੇ ‘ਤੇ ਡਟੀ
ਦੱਖਣੀ ਦਿੱਲੀ ਦੇ ਹੌਜ਼ ਰਾਣੀ ਖੇਤਰ ਵਿੱਚ ਸਥਿਤ Florist Inn ਹੋਟਲ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਨੇ ਤੇਜ਼ੀ ਨਾਲ ਫੈਲਦਿਆਂ ਹੋਟਲ ਦੀਆਂ ਕਈ ਮੰਜ਼ਿਲਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਅੱਗ ‘ਤੇ ਕਾਬੂ ਪਾਉਣ ਲਈ ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਅਧਿਕਾਰੀਆਂ ਵੱਲੋਂ ਹੋਟਲ ਨੂੰ ਖਾਲੀ ਕਰਵਾਉਣ ਦੇ ਨਾਲ-ਨਾਲ ਅੰਦਰ ਮੌਜੂਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਕਾਰਨ ਕੁਝ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ। ਫਾਇਰ ਕਰਮਚਾਰੀ ਅਤੇ ਹੋਰ ਐਮਰਜੈਂਸੀ ਟੀਮਾਂ ਮੌਕੇ ‘ਤੇ ਡਟੀਆਂ ਹੋਈਆਂ ਹਨ ਅਤੇ ਸਥਿਤੀ ‘ਤੇ ਨਜ਼ਰ ਰੱਖ ਰਹੀਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਘਟਨਾ ਸਥਾਨ ਤੋਂ ਦੂਰ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ, Florist Inn ਇੱਕ ਪੰਜ ਮੰਜ਼ਿਲਾ ਇਮਾਰਤ ਹੈ, ਜਿਸ ਵਿੱਚ ਲਗਭਗ 20 ਤੋਂ 25 ਕਮਰੇ ਹਨ। ਫਾਇਰਫਾਈਟਰਜ਼ ਵੱਲੋਂ ਹੁਣ ਤੱਕ 20 ਤੋਂ 25 ਲੋਕਾਂ ਨੂੰ ਸੁਰੱਖਿਅਤ ਬਚਾਇਆ ਜਾ ਚੁੱਕਾ ਹੈ। ਰਾਹਤ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ। ਅਧਿਕਾਰਕ ਜਾਣਕਾਰੀ ਅਨੁਸਾਰ ਹੁਣ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ।
Posted By: Daily Suraj Bureau