ਹਰਿਆਣਾ ਦੇ ਮੁੱਖ ਮੰਤਰੀ ਹੋਏ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਮਾਛੀਵਾੜਾ ਸਾਹਿਬ,
( ਸੰਦੀਪ ਸ਼ਰਮਾ ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਜਿੱਥੇ ਉਨ੍ਹਾਂ ਸ਼ਰਧਾ ਪੂਰਵਕ ਢੰਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਉਸ ਇਤਿਹਾਸਕ ਜੰਡ ਸਾਹਿਬ ਦੇ ਦਰਸ਼ਨ ਕਰਵਾਉਂਦਿਆਂ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਕਿ ਜਿੱਥੇ ਗੁਰੂ ਸਾਹਿਬ ਜੀ ਨੇ ਸਾਰਾ ਪਰਿਵਾਰ ਵਾਰ ਕੇ ‘ਮਿੱਤਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਿਣਾ’ ਸ਼ਬਦ ਉਚਾਰਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਉਸ ਪਵਿੱਤਰ ਖੂਹ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ ਜਿੱਥੇ ਗੁਰੂ ਸਾਹਿਬ ਜੀ ਨੇ ਠੰਢਾ ਮਿੱਠਾ ਜਲ ਛਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ ਜਿਨ੍ਹਾਂ ਨੂੰ ਗੁਰੂ ਸਾਹਿਬ ਜੀ ਦੇ ਇਤਿਹਾਸਕ ਧਰਤੀ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਦੇਸ਼, ਸਮਾਜ ਅਤੇ ਧਰਮ ਲਈ ਜੋ ਕੁਰਬਾਨੀਆਂ ਕੀਤੀਆਂ ਇਤਿਹਾਸ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਸਦਕਾ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜਾ ਵਿਖੇ ਪਵਿੱਤਰ ਜੰਡ ਸਾਹਿਬ ਵਿਸ਼ਰਾਮ ਕਰਕੇ ਵੀ ਸ਼ਬਦਾਂ ਦਾ ਉਚਾਰਨ ਕਰ ਸਾਡੇ ਸਮਾਜ ਨੂੰ ਸੇਧ ਦਿੱਤੀ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਵਲੋਂ ਨਾਇਬ ਸਿੰਘ ਸੈਣੀ ਨੂੰ ਸਿਰੋਪਾਓ ਤੇ ਗੁਰੂ ਸਾਹਿਬ ਜੀ ਦਾ ਚਿੱਤਰ ਭੇਟ ਕਰ ਸਨਮਾਨਿਤ ਵੀ ਕੀਤਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੁਝ ਸਿਆਸੀ ਆਗੂ ਗੁਰੂ ਸਾਹਿਬਾਨਾਂ ਬਾਰੇ ਅਪਸ਼ਬਦ ਬੋਲਦੇ ਹਨ ਉਹ ਬਹੁਤ ਹੀ ਮੰਦਭਾਗਾ ਹੈ ਕਿਉਂਕਿ ਇਸ ਬਾਰੇ ਤਾਂ ਸੋਚਣਾ ਵੀ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀਆਂ ਨਾ ਦਿੰਦੇ ਤਾਂ ਅੱਜ ਇਤਿਹਾਸ ਕੁਝ ਹੋਰ ਹੁੰਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਧਰਮ ਤੇ ਕੌਮ ਦੀ ਖਾਤਰ ਆਪ ਤੇ ਪਰਿਵਾਰ ਕੁਰਬਾਨ ਕਰ ਦਿੱਤਾ ਜਿਸ ਦੀ ਮਿਸਾਲ ਕਿਤੇ ਵੀ ਨਹੀਂ ਮਿਲਦੇ। ਇਸ ਲਈ ਗੁਰੂ ਸਾਹਿਬਾਨਾਂ ਲਈ ਭੱਦੀ ਸ਼ਬਦਾਵਲੀ ਵਰਤਣਾ ਬਹੁਤ ਵੱਡਾ ਪਾਪ ਹੈ। ਇਸ ਮੌਕੇ ਭਾਜਪਾ ਆਗੂ ਰਾਧੇਸ਼ ਸ਼ਰਮਾ , ਸੁੱਖੀ ਸ਼ਰਮਾ , ਰਾਜੇਸ਼ ਲੀਹਲ, ਸੰਜੀਵ ਲੀਹਲ, ਡਾਕਟਰ ਪ੍ਰਵੀਨ ਗੋਇਲ, ਡਾਕਟਰ ਸੰਜੀਵ ਗਰਗ ਤੋਂ ਇਲਾਵਾ ਹਲਕੇ ਦੇ ਸਮੂਹ ਭਾਜਪਾ ਵਰਕਰ ਵੀ ਹਾਜ਼ਰ ਸਨ।
Posted By: Daily Suraj Bureau