ਅੰਮ੍ਰਿਤਸਰ ਦੇ ਪਿੰਡ ਸਿਆਲਕਾ ‘ਚ ਘਰ ‘ਤੇ ਗੋਲੀਬਾਰੀ, ਇਲਾਕੇ ‘ਚ ਦਹਿਸ਼ਤ
Amritsar ਜ਼ਿਲ੍ਹੇ ਦੇ ਮਜੀਠਾ ਹਲਕੇ ਦੇ ਪਿੰਡ ਸਿਆਲਕਾ ਵਿੱਚ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ ‘ਤੇ ਗੋਲੀਬਾਰੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦਾ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸਨੂੰ ਅਕਾਲੀ ਆਗੂ Bikram Singh Majithia ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਸਾਂਝਾ ਕੀਤਾ ਹੈ। ਵੀਡੀਓ ਵਿੱਚ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸਾਫ਼ ਸੁਣਾਈ ਦੇ ਰਹੀਆਂ ਹਨ। ਰਿਪੋਰਟਾਂ ਮੁਤਾਬਕ, ਹਮਲਾਵਰਾਂ ਵੱਲੋਂ ਲਗਭਗ 9 ਤੋਂ 10 ਗੋਲੀਆਂ ਚਲਾਈਆਂ ਗਈਆਂ। ਘਰ ਦੇ ਬਾਹਰਲੇ ਗੇਟ ਅਤੇ ਕੰਧਾਂ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ, ਜਦੋਂ ਕਿ ਪਰਿਵਾਰਕ ਮੈਂਬਰਾਂ ਨੇ ਮੌਕੇ ਤੋਂ ਗੋਲੀਆਂ ਦੇ ਖਾਲੀ ਖੋਲ ਵੀ ਬਰਾਮਦ ਕੀਤੇ ਹਨ। ਖੁਸ਼ਕਿਸਮਤੀ ਨਾਲ, ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਪਰਿਵਾਰਕ ਮੈਂਬਰ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਵਿਵਾਦ ਜਾਂ ਦੁਸ਼ਮਣੀ ਨਹੀਂ ਹੈ। ਇਸ ਦੇ ਬਾਵਜੂਦ ਹੋਈ ਇਸ ਘਟਨਾ ਨੇ ਉਨ੍ਹਾਂ ਨੂੰ ਚਿੰਤਿਤ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ Bikram Singh Majithia ਨੇ ਪੰਜਾਬ ਦੇ ਡੀਜੀਪੀ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਤੁਰੰਤ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਕਾਰਨ ਆਮ ਲੋਕ ਡਰ ਦੇ ਮਾਹੌਲ ਵਿੱਚ ਜੀਊਣ ਲਈ ਮਜਬੂਰ ਹੋ ਰਹੇ ਹਨ। ਸੂਚਨਾ ਮਿਲਣ ‘ਤੇ ਮਜੀਠਾ ਥਾਣੇ ਦੇ ਐਸਐਚਓ ਅਵਤਾਰ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Posted By: Daily Suraj Bureau