ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਪੰਥ ‘ਚੋਂ ਛੇਕੇ
ਇੱਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੱਡਾ ਫੈਸਲਾ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਤੇ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਹੈ। ਇਹ ਆਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਰੀ ਕੀਤੇ ਗਏ। ਫੈਸਲਾ ਸੁਣਾਉਂਦਿਆਂ ਸਿੰਘ ਸਾਹਿਬਾਨ ਨੇ ਸਪੱਸ਼ਟ ਕੀਤਾ ਕਿ ਦੋਵੇਂ ਵਿਅਕਤੀ ਮਹੱਤਵਪੂਰਨ ਧਾਰਮਿਕ ਸਿੱਖ ਸੰਸਥਾਵਾਂ ਨਾਲ ਜੁੜੇ ਹੋਏ ਸਨ। ਉਨ੍ਹਾਂ 'ਤੇ ਲੱਗੇ ਸੰਜੀਦਾ ਦੋਸ਼ਾਂ ਕਾਰਨ ਸਿੱਖ ਪੰਥ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੰਸਥਾਵਾਂ ਦੇ ਵਕਾਰ ਨੂੰ ਗੰਭੀਰ ਠੇਸ ਪਹੁੰਚੀ ਹੈ। ਅਕਾਲ ਤਖ਼ਤ ਸਾਹਿਬ ਵੱਲੋਂ ਸਮੁੱਚੀ ਸਿੱਖ ਸੰਗਤ ਨੂੰ ਤਾਕੀਦ ਕੀਤੀ ਗਈ ਹੈ ਕਿ ਇਹਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਰੋਟੀ-ਬੇਟੀ ਦਾ ਸਾਂਝ ਜਾਂ ਮੇਲ-ਮਿਲਾਪ ਨਾ ਰੱਖਿਆ ਜਾਵੇ। ਇਸ ਦੇ ਨਾਲ ਹੀ ਦੋਹਾਂ ਦੇ ਸਿੱਖ ਸੰਸਥਾਵਾਂ ਵਿੱਚ ਕੰਮ ਕਰਨ 'ਤੇ ਵੀ ਬੰਦਿਸ਼ ਲਗਾ ਦਿੱਤੀ ਗਈ ਹੈ। ਇਸ ਫੈਸਲੇ ਤੋਂ ਪਹਿਲਾਂ, ਅਨੈਤਿਕ ਮਾਮਲੇ ਵਿੱਚ ਨਾਂ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਵਾਈ ਕਰਦੇ ਹੋਏ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਡਰਾਈਵਰ ਮੋਹਣ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਸੀ। ਇਸ ਸਬੰਧੀ ਰਸਮੀ ਹੁਕਮ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਜਾਰੀ ਕੀਤੇ ਗਏ ਸਨ। ਮਾਮਲੇ ਦੇ ਪਿਛੋਕੜ ਅਨੁਸਾਰ, ਦੁਬਈ ਤੋਂ ਆਈ ਇੱਕ ਬੀਬੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਉੱਤੇ ਜਬਰ-ਜਨਾਹ ਵਰਗੇ ਗੰਭੀਰ ਇਲਜ਼ਾਮ ਲਗਾਉਂਦਿਆਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਘਟਨਾ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਥਮ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਹ ਉਦੋਂ ਤੋਂ ਹੀ ਫਰਾਰ/ਰੂਪੋਸ਼ ਚੱਲ ਰਹੇ ਹਨ। ਇਸ ਮਹੱਤਵਪੂਰਨ ਫੈਸਲੇ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖ਼ਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿੱਚੋਂ ਭਾਈ ਮੰਗਲ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ।
Posted By: Daily Suraj Bureau