Daily Suraj

ਪੰਜਾਬੀ

ਨਰਾਇਣ ਸਿੰਘ ਚੌੜਾ ਖਿਲਾਫ਼ ਲਿਆਂਦਾ ਮਤਾ ਰੱਦ

31 Dec, 2024 05:30 AM

ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸੰਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜਵਾਨਾਂ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਅੰਤ੍ਰਿੰਗ ਕਮੇਟੀ ਦੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਹੋਰ ਆਗੂ ਵੀ ਮੌਜੂਦ ਸਨ।

Posted By: Daily Suraj Bureau

Latest News