Daily Suraj

ਪੰਜਾਬੀ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦੇਣ ਦਾ ਕੀਤਾ ਤਿੱਖਾ ਵਿਰੋਧ

30 Jan, 2025 05:30 AM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਾ ਕਰਕੇ ਸਿੱਖਾਂ ਨੂੰ ਦੇਸ਼ ਅੰਦਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਵਲੋਂ ਆਪਣੇ ਰਾਜਨੀਤਕ ਹਿਤਾਂ ਲਈ ਵਾਰ-ਵਾਰ ਰਿਹਾਅ ਕਰਕੇ ਕਾਨੂੰਨ ਪ੍ਰਤੀ ਵਿਸ਼ਵਾਸ ਦੀ ਸਮੂਹਿਕ ਭਾਵਨਾ ਨੂੰ ਖ਼ਤਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਕ ਪਾਸੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਸਰਕਾਰ ਸਾਫ਼ ਮੁਨਕਰ ਹੋ ਰਹੀ ਹੈ ਅਤੇ ਦੂਜੇ ਪਾਸੇ ਆਪਣੀਆਂ ਸਾਧਵੀਆਂ ਨਾਲ ਜਬਰ-ਜਨਾਹ ਅਤੇ ਕਤਲ ਵਰਗੇ ਸੰਗੀਨ ਅਪਰਾਧਾਂ ਲਈ ਸਜ਼ਾ ਯਾਫ਼ਤਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣੀ ਦੇਸ਼ ਦੀ ਜ਼ਮਹੂਰੀਅਤ ਲਈ ਵੀ ਸਵਾਲ ਖੜ੍ਹੇ ਕਰਦੀ ਹੈ।

ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸਰਕਾਰ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕੀਤਾ ਜਾਣ ਕਰਕੇ ਸਿੱਖਾਂ ਵਿਚ ਅਲਹਿਦਗੀ ਦਾ ਅਹਿਸਾਸ ਪ੍ਰਬਲ ਹੋ ਰਿਹਾ ਹੈ, ਜੋ ਕਿ ਸਿੱਖਾਂ ਦੀਆਂ 80 ਫੀਸਦੀ ਤੋਂ ਵੱਧ ਕੁਰਬਾਨੀਆਂ ਨਾਲ ਆਜ਼ਾਦ ਹੋਏ ਭਾਰਤ ਦੀ ਜਮਹੂਰੀਅਤ ਲਈ ਸ਼ਰਮਨਾਕ ਹੈ।

Posted By: Daily Suraj Bureau

Latest News