Daily Suraj

ਪੰਜਾਬੀ

ਕੰਪਿਊਟਰ ਅਧਿਆਪਕਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਝਾੜੂ ਫੂਕੇ, ਸਰਕਾਰ ਦਾ ਕੀਤਾ ਪਿੱਟ ਸਿਆਪਾ

11 Jan, 2025 05:30 AM

ਸੁਨਾਮ : ਸ਼ਨਿੱਚਰਵਾਰ ਨੂੰ ਵੱਡੀ ਗਿਣਤੀ ਕੰਪਿਊਟਰ ਅਧਿਆਪਕਾਂ ਨੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦੇ ਅੱਗੇ ਝਾੜੂ ਫੂਕ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ 'ਝੂਠੇ ਵਾਅਦਿਆਂ ਦੀ ਲੋਹੜੀ' ਬਾਲਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਕੰਪਿਊਟਰ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ, ਰਜਵੰਤ ਕੌਰ, ਬਵਲੀਨ ਕੌਰ ਆਦਿ ਦੇ ਨਾਲ ਹੋਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੇ ਨਾਲ ਅਣਮਨੁੱਖੀ ਵਤੀਰਾ ਅਪਣਾ ਰਹੀ ਹੈ। ਉਨ੍ਹਾਂ ਵੱਲੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ 1 ਸਤੰਬਰ 2024 ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ ਜੋ ਅੱਜ ਵੀ ਜਾਰੀ ਹੈ ਇਸ ਦੇ ਨਾਲ ਹੀ ਉਹਨਾਂ ਦੇ ਸਾਥੀ ਜੋਨੀ ਸਿੰਗਲਾ ਵੱਲੋਂ 22 ਦਸੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ , ਜਿਨ੍ਹਾਂ ਨੂੰ 2 ਜਨਵਰੀ ਦੀ ਰਾਤ ਨੂੰ ਪੁਲਿਸ ਵੱਲੋਂ ਜਬਰੀ ਧਰਨਾ ਸਥਾਨ ਤੋਂ ਚੁੱਕ ਕੇ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਜਿੱਥੇ ਉਹ ਅੱਜ ਵੀ ਮਰਨ ਵਰਤ ਤੇ ਡਟੇ ਹੋਏ ਹਨ। ਉਨ੍ਹਾਂ ਦਾ ਦੂਜਾ ਸਾਥੀ ਕਾਮਰੇਡ ਰਣਜੀਤ ਸਿੰਘ ਸੰਗਰੂਰ ਵਿਖੇ ਧਰਨੇ ਵਾਲੀ ਥਾਂ ਮਰਨ ਵਰਤ ਤੇ ਡਟਿਆ ਹੋਇਆ ਹੈ। ਸੂਬਾ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਹੋਈਆਂ ਮੀਟਿੰਗਾਂ ਵਿੱਚ ਉਨ੍ਹਾਂ ਨੂੰ ਝੂਠੇ ਲਾਰਿਆਂ ਤੋਂ ਸਿਵਾਏ ਕੁੱਝ ਵੀ ਨਹੀਂ ਮਿਲਿਆ। ਉਨ੍ਹਾਂ ਆਖਿਆ ਕਿ ਪਿਛਲੇ ਲਗਭਗ ਸਾਢੇ ਚਾਰ ਮਹੀਨੇ ਤੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ ਚੱਲ ਰਹੀ ਭੁੱਖ ਹੜਤਾਲ ਅਤੇ ਮਰਨ ਵਰਤ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਦੇ ਲਈ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਨਹੀਂ ਪੁੱਜਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਦੱਸਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਅੱਜ ਉਹਨਾਂ ਦੀਆਂ ਮੰਗਾਂ ਨੂੰ ਮੰਨਣ ਤੋਂ ਪਾਸਾ ਵੱਟ ਰਹੇ ਹਨ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਮਰਨ ਵਰਤ ਤੇ ਡਟੇ ਰਹਿਣਗੇ ਅਤੇ ਸੂਬਾ ਸਰਕਾਰ ਦਾ ਵੱਡੇ ਪੱਧਰ ’ਤੇ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇ ਕੇ ਉਨ੍ਹਾਂ ਦੇ ਆਰਡਰਾਂ ਵਿੱਚ ਸਾਰੇ ਦਰਜ ਸਾਰੇ ਲਾਭ ਬਹਾਲ ਕਰ ਕੇ ਸਿੱਖਿਆ ਵਿਭਾਗ ਵਿੱਚ ਬਿਨਾਂ ਸ਼ਰਤ ਮਰਜ ਕੀਤਾ ਜਾਵੇ। ਇਸ ਮੌਕੇ ਕੰਪਿਊਟਰ ਅਧਿਆਪਕਾਂ ਦੇ ਨਾਲ ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਰਘਵੀਰ ਸਿੰਘ ਭਵਾਨੀਗੜ੍ਹ, ਰਣਦੀਪ ਸਿੰਘ ਸੂਬਾ ਜਨਰਲ ਸਕੱਤਰ, ਵਿਕਰਮ ਦੇਵ, ਰਾਜੀਵ ਬਰਨਾਲਾ, ਗੁਰਜੀਤ ਘੱਗਾ, ਕਰਨੈਲ ਸਿੰਘ ਨੇ ਵੀ ਸੰਬੋਧਨ ਕੀਤਾ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM