Daily Suraj

ਪੰਜਾਬੀ

ਅਮਰੀਕਾ ਦੇ ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

14 Dec, 2024 05:30 AM

ਅੰਮ੍ਰਿਤਸਰ : ਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਇਕ ਵਫ਼ਦ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਵਫ਼ਦ ਵਿਚ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਰਾਜਪਾਲ ਸਿੰਘ ਬਾਠ, ਡਾ. ਗੁਰਬੀਰ ਸਿੰਘ ਜੌਹਲ, ਬਿਕਰਮ ਸਿੰਘ ਗਿੱਲ, ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਪਸਰੀਚਾ ਸ਼ਾਮਿਲ ਸਨ, ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਮੈਂਬਰ ਗੁਰਮੀਤ ਸਿੰਘ ਬੂਹ ਨੇ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਉਤੇ ਸਵਾਗਤ ਅਤੇ ਸਨਮਾਨ ਕੀਤਾ।
ਇਸ ਦੌਰਾਨ ਵਫ਼ਦ ਦੇ ਆਗੂ ਰਾਜਪਾਲ ਸਿੰਘ ਬਾਠ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਨਿਊ ਜਰਸੀ-ਇੰਡੀਆ ਕਮਿਸ਼ਨ ਵਿਚ ਸਮੂਹ ਭਾਈਚਾਰਿਆਂ ਦੇ ਲੋਕ ਸ਼ਾਮਿਲ ਹਨ ਅਤੇ ਇਸ ਕਮਿਸ਼ਨ ਦਾ ਕੰਮ ਆਪਸੀ ਕਾਰੋਬਾਰ, ਸੱਭਿਆਚਾਰ ਤੇ ਸਿੱਖਿਆ ਦੇ ਖੇਤਰ ਵਿਚ ਮੌਕਿਆਂ ਦੀ ਭਾਲ ਕਰਕੇ ਸਾਂਝ ਮਜ਼ਬੂਤ ਕਰਨਾ ਹੈ। ਸ. ਬਾਠ ਨੇ ਕਿਹਾ ਕਿ ਨਿਊ ਜਰਸੀ ਦੀ ਸਰਕਾਰ ਸਿੱਖਾਂ ਤੇ ਪੰਜਾਬੀਆਂ ਦਾ ਬਹੁਤ ਮਾਣ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਗੁਰੂ ਸਾਹਿਬ ਕੋਲ ਅਰਦਾਸ ਕੀਤੀ ਹੈ ਕਿ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰਹੇ। ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਆਸ ਪ੍ਰਗਟ ਕੀਤੀ ਕਿ ਇਹ ਕਮਿਸ਼ਨ ਇਸੇ ਤਰ੍ਹਾਂ ਆਪਸੀ ਸਾਂਝ ਮਜ਼ਬੂਤ ਕਰਨ ਲਈ ਯਤਨਸ਼ੀਲ ਰਹੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਐਡੀਸ਼ਨਲ ਸਕੱਤਰ ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਜਤਿਦਰਪਾਲ ਸਿੰਘ ਆਦਿ ਹਾਜ਼ਰ ਸਨ

Posted By: Daily Suraj Bureau

Latest News