Daily Suraj

ਪੰਜਾਬੀ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਪਿੰਡ ਸ਼ਾਹਪੁਰ ਜਾਜਨ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਸ਼ੁਰੂ ਕੀਤੀ ਮੈਗਾ ਦਾਖ਼ਲਾ ਮੁਹਿੰਮ

13 Dec, 2024 05:30 AM

ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਆਪਣੇ ਪਿੰਡ ਸ਼ਾਹਪੁਰ ਜਾਜਨ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੋਂ ਮੈਗਾ ਦਾਖ਼ਲਾ ਮੁਹਿੰਮ 2025-26 ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਸ਼ਾਹਪੁਰ ਜਾਜਨ ਤਜਿੰਦਰ ਸਿੰਘ, ਸਕੂਲ ਵਿਕਾਸ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ, ਸੈਂਟਰ ਹੈੱਡ ਟੀਚਰ ਪਵਨ ਕੁਮਾਰ, ਬੀਆਰਸੀ ਲਵਪ੍ਰੀਤ ਸਿੰਘ, ਹੈੱਡ ਟੀਚਰ ਅਮਰਬੀਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਪੱਡਾ, ਸੁਮਨ ਬਾਲਾ ਸਰਕਾਰੀ ਪ੍ਰਾਇਮਰੀ ਸਕੂਲ ਖੋਦੇ ਬੇਟ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਜਾਜਨ ਦਾ ਸਮੂਹ ਸਟਾਫ਼ ਹਾਜ਼ਰ ਸੀ। ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਚੁੱਕਣ ਲਈ ਪੂਰੀ ਸੁਹਿਰਦਤਾ ਨਾਲ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਈ ਇਸ ਸਿੱਖਿਆ ਕ੍ਰਾਂਤੀ ਸਦਕਾ ਹੁਣ ਸੂਬੇ ਦੇ ਸਰਕਾਰੀ ਸਕੂਲ ਪੜ੍ਹਾਈ ਪੱਖੋਂ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਜਿੱਥੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ, ਉਥੇ ਉੱਚ ਸਿੱਖਿਆ ਹਾਸਲ ਅਧਿਆਪਕ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਾਹਰਲੇ ਦੇਸ਼ਾਂ ਤੋਂ ਟਰੇਨਿੰਗ ਦਿਵਾਈ ਜਾ ਰਹੀ ਹੈ ਤਾਂ ਜੋ ਅਧਿਆਪਕ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇ ਸਕਣ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਬਲਾਕ ਲਈ ਮੈਗਾ ਦਾਖਲਾ ਮੁਹਿੰਮ 2025-26 ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ਾਹਪੁਰ ਜਾਜਨ ਤੋਂ ਕੀਤੀ ਗਈ ਹੈ।

Posted By: Daily Suraj Bureau

Latest News