ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਐੱਸਏਐੱਸ ਨਗਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ’ਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਕੀਤਾ ਗਿਆ। ਇਹ ਵਿਸ਼ਾਲ ਨਗਰ ਕੀਰਤਨ ਸਵੇਰੇ 10:00 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਕਰ ਰਹੇ ਸਨ। ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਬਹੁਤ ਹੀ ਵਧੀਆ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸਨ। ਨਗਰ ਕੀਰਤਨ ਵਿੱਚ ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲੀਆਂ ਧੁੰਨਾਂ ਵਜਾ ਰਹੇ ਸਨ। ਇਸ ਮੌਕੇ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ। ਇਲਾਕਾ ਵਾਸੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜੱਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਰਸਤੇ ਵਿੱਚ ਸੰਗਤਾਂ ਵੱਲੋਂ ਬਰੈੱਡ ਪਕੌੜਿਆਂ, ਬਿਸਕੁੱਟ, ਦੁੱਧ, ਕੜਾਹਿ ਪ੍ਰਸ਼ਾਦਿ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਨੇ ਸਕੂਟਰਾਂ, ਮੋਟਰ ਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰਾਂ, ਬੱਸਾਂ ਆਦਿ ਰਾਹੀਂ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇਸ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੀ 31 ਦਸੰਬਰ ਨੂੰ ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਯਾਦ ’ਚ ਸਵੇਰੇ 10 ਵਜੇ ਤੋਂ ਲੈ ਕੇ ਰਾਤ 12:00 ਵਜੇ ਤਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਰਾਗੀ ਜੱਥੇ ਅਤੇ ਉੱਚ ਕੋਟੀ ਦੇ ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Posted By: Daily Suraj Bureau