Daily Suraj

ਪੰਜਾਬੀ

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

06 Jan, 2025 05:30 AM

ਐੱਸਏਐੱਸ ਨਗਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ’ਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ’ਚ ਬੀਬੀ ਮੁਖਤਿਆਰ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ’ਚ ਸੰਗਤਾਂ ਨੂੰ ਵਿਸਥਾਰ ਵਿਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਅਵਤਾਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦੇਸ਼ ਅਤੇ ਕੌਮ ਦੀ ਖਾਤਰ ਪਹਿਲਾਂ ਪਿਤਾ ਸ੍ਰੀ ਗੁਰੂ ਤੇਗ ਬਹਾਦਰ, ਪੁੱਤਰਾਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅਤੇ ਸਿੱਖ ਧਰਮ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਲਵਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ, ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਕੁਲਦੀਪ ਸਿੰਘ ਅੰਮ੍ਰਿਤਸਰ ਵਾਲੇ, ਭਾਈ ਧਰਮਜੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਮੀਰੀ ਪੀਰੀ ਕੀਰਤਨੀ ਜੱਥਾ, ਭਾਈ ਜਤਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਪੂਰੇ ਦਰਬਾਰ ਸਾਹਿਬ ਨੂੰ ਬਾਹਰੋਂ ਅਤੇ ਗੇਟ ਤਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਉਨ੍ਹਾਂ ਦੇ ਪਿੱਛੇ ਉਚੇਚੇ ਤੌਰ ’ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਇਸ ਪਾਲਕੀ ਸਾਹਿਬ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਪਾਲਕੀ ਸਾਹਿਬ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਨੇ ਭਾਗ ਲਿਆ। ਨਗਰ ਕੀਰਤਨ ’ਚ ਗਤਕਾ ਪਾਰਟੀ, ਫੌਜੀ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦਾ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ-ਥਾਂ ’ਤੇ ਚਾਹ, ਬ੍ਰੈੱਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ।

Posted By: Daily Suraj Bureau

Latest News