ਮੁਫ਼ਤ ਬਿਜਲੀ ਤੋਂ ਸਿਹਤ ਸਹੂਲਤਾਂ ਤੱਕ, ਚਾਰ ਸਾਲਾਂ ਦੀਆਂ ਉਪਲਬਧੀਆਂ ਬਾਰੇ ਬੋਲੇ ਭਗਵੰਤ ਮਾਨ

ਮੁਫ਼ਤ ਬਿਜਲੀ ਤੋਂ ਸਿਹਤ ਸਹੂਲਤਾਂ ਤੱਕ, ਚਾਰ ਸਾਲਾਂ ਦੀਆਂ ਉਪਲਬਧੀਆਂ ਬਾਰੇ ਬੋਲੇ ਭਗਵੰਤ ਮਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਦੀਆਂ ਚਾਰ ਸਾਲਾਂ ਦੌਰਾਨ ਹੋਈਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਬਣਦੇ ਹੀ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਯੋਜਨਾ ਲਾਗੂ ਕੀਤੀ ਗਈ ਸੀ, ਜਿਸ ਦਾ ਲਾਭ ਇਸ ਵੇਲੇ ਸੂਬੇ ਦੇ ਲਗਭਗ 90 ਫੀਸਦ ਲੋਕ ਲੈ ਰਹੇ ਹਨ। ਇਸ ਦੇ ਨਾਲ ਹੀ ਖੇਤਾਂ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਝਾਰਖੰਡ ਅਤੇ ਪਿਛਵਾੜਾ ਵਿੱਚ ਬੰਦ ਪਈਆਂ ਕੋਇਲਾ ਖਾਣਾਂ ਨੂੰ ਮੁੜ ਚਾਲੂ ਕਰਵਾਇਆ ਹੈ ਅਤੇ ਜੀਵੀਕੇ ਥਰਮਲ ਪਲਾਂਟ ਨੂੰ ਵੀ ਖਰੀਦਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਹੁਣ ਤੱਕ ਪੰਜ ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ ਲਗਭਗ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਕਰਨ ਲਈ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਗਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ 65,264 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਖੇਤੀਬਾੜੀ ਦੇ ਖੇਤਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ 5,700 ਕਰੋੜ ਰੁਪਏ ਦੀ ਲਾਗਤ ਨਾਲ ਨਹਿਰ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਇਸ ਵੇਲੇ ਸੂਬੇ ਵਿੱਚ 78 ਫੀਸਦ ਖੇਤੀ ਨਹਿਰੀ ਪਾਣੀ ਨਾਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 8 ਹਜ਼ਾਰ ਕਰੋੜ ਰੁਪਏ ਦੇ RDF ਫੰਡ ਰੋਕੇ ਗਏ ਹਨ, ਜਿਸ ਕਾਰਨ ਪਿੰਡਾਂ ਦੇ ਵਿਕਾਸ ਕੰਮ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬਿਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਵਿਰੋਧੀ ਪਾਰਟੀਆਂ ਗੈਂਗਸਟਰਾਂ ਨਾਲ ਸੰਬੰਧ ਰੱਖਦੀਆਂ ਹਨ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਟਿਕਟਾਂ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਹਨ। ਬਿਨਾਂ ਕਿਸੇ ਦਾ ਨਾਮ ਲਏ ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਗੈਂਗਸਟਰਾਂ ਦੇ ਰਿਸ਼ਤੇਦਾਰਾਂ ਨੂੰ ਹਲਕਾ ਇੰਚਾਰਜ ਤੱਕ ਨਿਯੁਕਤ ਕਰ ਰਹੀਆਂ ਹਨ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚੋਂ ਗੈਂਗਸਟਰਵਾਦ ਨੂੰ ਜੜ ਤੋਂ ਖਤਮ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਧਰਮ ਪਰਿਵਰਤਨ ਵਿਰੁੱਧ ਕਾਨੂੰਨ ਲਿਆਉਣ ਦੀ ਗੱਲ ’ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਧਰਮ ਦੇ ਨਾਮ ’ਤੇ ਟਕਰਾਅ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਹੈ ਉੱਥੇ ਧਰਮ ਦੇ ਨਾਮ ’ਤੇ ਟਕਰਾਅ ਦੇ ਮਾਮਲੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਧਰਮ ਦੇ ਨਾਮ ’ਤੇ ਟਕਰਾਅ ਦੀ ਰਾਜਨੀਤੀ ਨਹੀਂ ਚੱਲੇਗੀ।