ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਮੋਗਾ ਬਣਿਆ ਸਿਆਸੀ ਸਰਗਰਮੀਆਂ ਦਾ ਕੇਂਦਰ; 8 ਦਸੰਬਰ ਨੂੰ ਹੋਵੇਗੀ ਰੈਲੀ
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗਠਜੋੜ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਵੇਖਣ ਨੂੰ ਮਿਲ ਰਹੀ ਹੈ। ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਵਸ ਦੇ ਮੌਕੇ ’ਤੇ 8 ਦਸੰਬਰ ਨੂੰ ਸਥਾਨਕ ਅਨਾਜ ਮੰਡੀ ਵਿਖੇ ਹੋਣ ਵਾਲੀ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੇ ਚੱਲਦਿਆਂ ਮੋਗਾ ਸ਼ਹਿਰ ਸਿਆਸੀ ਸਰਗਰਮੀਆਂ ਦਾ ਮੁੱਖ ਕੇਂਦਰ ਬਣ ਗਿਆ ਹੈ ਅਤੇ ਉਨ੍ਹਾਂ ਦੀ ਇਸ ਫੇਰੀ ਨੂੰ ਪੰਜਾਬ ਦੀ ਸਿਆਸਤ ਦੇ ਨਜ਼ਰੀਏ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਗਠਜੋੜ ਦੀ ਖ਼ੁਸ਼ੀ ’ਚ ਵੰਡੇ ਲੱਡੂ ਅਕਾਲੀ-ਭਾਜਪਾ ਗਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਸਥਾਨਕ ਆਗੂਆਂ ਨੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਭਾਜਪਾ ਆਗੂ ਪੀ. ਐੱਸ. ਗਿੱਲ, ਅਕਾਲੀ ਦਲ ਦੇ ਸਥਾਨਕ ਹਲਕਾ ਇੰਚਾਰਜ ਸੰਜੀਤ ਸੰਨੀ ਗਿੱਲ, ਧਰਮਕੋਟ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸੰਭਾਵੀ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਮੌਜੂਦ ਸਨ। ਇਨ੍ਹਾਂ ਦੇ ਨਾਲ ਹੀ ਮੋਗਾ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਡਾ. ਸੀਮਾਂਤ ਗਰਗ, ਭਾਜਪਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਸਿੰਘ ਸਮੇਤ ਹੋਰ ਸੀਨੀਅਰ ਆਗੂ ਵੀ ਹਾਜ਼ਰ ਰਹੇ।8 ਦਸੰਬਰ ਨੂੰ ਹੋਵੇਗੀ ਸਾਂਝੀ ਰੈਲੀ ਇਸ ਮੌਕੇ ਅਕਾਲੀ ਆਗੂ ਸੰਜੀਤ ਸਿੰਘ ਸੰਨੀ ਗਿੱਲ ਨੇ ਦੱਸਿਆ ਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਵਸ ਮੌਕੇ 8 ਦਸੰਬਰ ਨੂੰ ਸਥਾਨਕ ਅਨਾਜ ਮੰਡੀ ਵਿਖੇ ਪਹਿਲਾਂ ਹੀ ਐਲਾਨੀ ਗਈ ਇਹ ਰੈਲੀ ਹੁਣ ਅਕਾਲੀ-ਭਾਜਪਾ ਦੀ ਸਾਂਝੀ ਰੈਲੀ ਹੋਵੇਗੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ।ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਨਿਸ਼ਾਨਾ ਸੰਜੀਤ ਸਿੰਘ ਸੰਨੀ ਗਿੱਲ ਨੇ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ, ਨਸ਼ਿਆਂ ਦੀ ਸਮੱਸਿਆ, ਗੈਂਗਸਟਰਵਾਦ ਅਤੇ ਸੂਬੇ ਦੇ ਵਧ ਰਹੇ ਕਰਜ਼ੇ ਨੂੰ ਲੈ ਕੇ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਫਿਰੌਤੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।