ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ’ਤੇ ਚੰਡੀਗੜ੍ਹ ’ਚ ਵਿਚਾਰ-ਵਟਾਂਦਰਾ, ਡਾ. ਦੀਪਕ ਸਿੰਗਲਾ ਨੇ ਕੀਤੀ ਸ਼ਿਰਕਤ

ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ’ਤੇ ਚੰਡੀਗੜ੍ਹ ’ਚ ਵਿਚਾਰ-ਵਟਾਂਦਰਾ, ਡਾ. ਦੀਪਕ ਸਿੰਗਲਾ ਨੇ ਕੀਤੀ ਸ਼ਿਰਕਤ

ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪਦਮ ਸ੍ਰੀ ਜਿਤੇਂਦਰ ਸਿੰਘ ਸ਼ੰਟੀ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਕੋਰ ਗਰੁੱਪ ਮੈਂਬਰਾਂ ਨਾਲ ਇੱਕ ਵਿਚਾਰ-ਵਟਾਂਦਰਾ ਬੈਠਕ ਕਰਵਾਈ ਗਈ। ਇਸ ਮੌਕੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਦੀਪਕ ਸਿੰਗਲਾ ਨੇ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਜਨਤਕ ਮੁੱਦਿਆਂ ’ਤੇ ਚਰਚਾ ਕੀਤੀ। ਬੈਠਕ ਦੌਰਾਨ ਕਮਿਸ਼ਨ, ਕੋਰ ਗਰੁੱਪ ਮੈਂਬਰਾਂ ਅਤੇ ਚੰਡੀਗੜ੍ਹ ਵਾਸੀਆਂ ਵਿਚਕਾਰ ਸਿੱਧੀ ਗੱਲਬਾਤ ਲਈ ਖੁੱਲ੍ਹਾ ਮੰਚ ਮੁਹੱਈਆ ਕਰਵਾਇਆ ਗਿਆ। ਹਾਜ਼ਰੀਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਪ੍ਰਚਾਰ ਤੋਂ ਇਲਾਵਾ ਜਨਤਕ ਭਲਾਈ, ਨਾਗਰਿਕ ਸੁਵਿਧਾਵਾਂ, ਸਿਹਤ ਸੇਵਾਵਾਂ, ਸਿੱਖਿਆ, ਸਮਾਜਿਕ ਨਿਆਂ ਅਤੇ ਜਨਤਕ ਸੇਵਾਵਾਂ ਨਾਲ ਸਬੰਧਤ ਕਈ ਮੁੱਦੇ ਉਠਾਏ ਗਏ। ਇਸ ਦੌਰਾਨ ਨਾਗਰਿਕਾਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਲਈ ਮੌਜੂਦਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕਈ ਮਹੱਤਵਪੂਰਨ ਸੁਝਾਅ ਵੀ ਸਾਂਝੇ ਕੀਤੇ ਗਏ। ਬੈਠਕ ਵਿੱਚ ਲੋਕਾਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਪਦਮ ਸ੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਸਲ ਸ਼ਿਕਾਇਤਾਂ ’ਤੇ ਤੁਰੰਤ ਤੇ ਢੁਕਵਾਂ ਧਿਆਨ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਨੇ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਜਨਤਕ ਭਾਗੀਦਾਰੀ ਨੂੰ ਮਹੱਤਵਪੂਰਨ ਦੱਸਿਆ। ਉਨ੍ਹਾਂ ਨੇ ਨਾਗਰਿਕਾਂ ਅਤੇ ਸਰਕਾਰੀ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦੀ ਲੋੜ ’ਤੇ ਵੀ ਜ਼ੋਰ ਦਿੱਤਾ, ਤਾਂ ਜੋ ਲੋਕਾਂ ਨਾਲ ਜੁੜੇ ਮੁੱਦਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾ ਸਕੇ। ਬੈਠਕ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਅਧਿਕਾਰੀਆਂ ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਅਧਿਕਾਰੀਆਂ ਨੇ ਹਾਜ਼ਰੀਨ ਨਾਲ ਗੱਲਬਾਤ ਕੀਤੀ ਅਤੇ ਆਪਣੇ-ਆਪਣੇ ਵਿਭਾਗਾਂ ਦੇ ਅਧਿਕਾਰ ਖੇਤਰ ਨਾਲ ਸਬੰਧਤ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ। ਕਮਿਸ਼ਨ ਨੇ ਕੋਰ ਗਰੁੱਪ ਮੈਂਬਰਾਂ ਅਤੇ ਚੰਡੀਗੜ੍ਹ ਵਾਸੀਆਂ ਵੱਲੋਂ ਕੀਤੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਕਮਿਸ਼ਨ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਖੁੱਲ੍ਹੀਆਂ ਸੁਣਵਾਈਆਂ ਅਤੇ ਵਿਚਾਰ-ਵਟਾਂਦਰਾ ਬੈਠਕਾਂ ਜਨਤਾ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਪ੍ਰਭਾਵਸ਼ਾਲੀ ਮੰਚ ਸਾਬਤ ਹੁੰਦੀਆਂ ਹਨ। ਕਮਿਸ਼ਨ ਵੱਲੋਂ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਜਨਤਕ ਜਾਗਰੂਕਤਾ ਵਧਾਉਣ, ਨਾਗਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਜਿਹੇ ਹੋਰ ਪਹੁੰਚ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਗੱਲ ਕਹੀ ਗਈ।