Daily Suraj

ਪੰਜਾਬੀ

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਜਾਂਚ ਤੇਜ਼, ਹੋਰ ਖੁਲਾਸਿਆਂ ਦੀ ਸੰਭਾਵਨਾ

02 May, 2026 02:40 PM

ਡੀਐਮ ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਮਹੱਤਵਪੂਰਨ ਅਪਡੇਟ ਸਾਹਮਣੇ ਆਈ ਹੈ। ਅਦਾਲਤ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪੀਏ ਦਿਲਬਾਗ ਸਿੰਘ ਵੱਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਵੀ ਅਦਾਲਤ ਸਾਬਕਾ ਮੰਤਰੀ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਚੁੱਕੀ ਹੈ। ਇਸ ਨਾਲ ਇਹ ਮਾਮਲਾ ਹੋਰ ਗੰਭੀਰ ਹੋ ਗਿਆ ਹੈ ਅਤੇ ਜਾਂਚ ਦੀ ਦਿਸ਼ਾ ‘ਤੇ ਵੀ ਇਸਦਾ ਪ੍ਰਭਾਵ ਪੈ ਸਕਦਾ ਹੈ। ਯਾਦ ਰਹੇ ਕਿ ਡੀਐਮ ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਤੋਂ ਬਾਅਦ ਇਹ ਮਾਮਲਾ ਲਗਾਤਾਰ ਚਰਚਾ ਵਿੱਚ ਹੈ। ਪੁਲਿਸ ਵੱਲੋਂ ਵੱਖ-ਵੱਖ ਪੱਖਾਂ ਤੋਂ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ, ਗਗਨਦੀਪ ਰੰਧਾਵਾ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ। ਇਸ ਦੇ ਨਾਲ ਹੀ ਰੰਧਾਵਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਇਹ ਇਲਜ਼ਾਮ ਲਗਾਇਆ ਕਿ ਉਨ੍ਹਾਂ ਨੂੰ ਤੰਗ ਕਰਨ ਕਾਰਨ ਹੀ ਉਨ੍ਹਾਂ ਨੇ ਇਹ ਕਦਮ ਚੁੱਕਿਆ। ਫਿਲਹਾਲ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਾਨੂੰਨੀ ਕਾਰਵਾਈ ਅਗਲੇ ਪੜਾਅ ਵੱਲ ਵੱਧ ਰਹੀ ਹੈ।

Posted By: Daily Suraj Bureau

Latest News