ਅਗਸਤ ਦੇ ਪਹਿਲੇ ਹਫ਼ਤੇ ਹੋ ਸਕਦਾ ਹੈ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ, ਕਈ ਅਹਿਮ ਬਿੱਲਾਂ ਦੀ ਤਿਆਰੀ
- ਪੰਜਾਬ
- (Asia/Kolkata)
ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਸੱਦੇ ਜਾਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਇੱਕ-ਦੋ ਦਿਨਾਂ ਵਿੱਚ ਮੌਨਸੂਨ ਸੈਸ਼ਨ ਸਬੰਧੀ ਅਧਿਕਾਰਿਕ ਸੂਚਨਾ ਜਾਰੀ ਕਰ ਸਕਦੇ ਹਨ। ਸਰਕਾਰੀ ਸੂਤਰਾਂ ਮੁਤਾਬਕ ਸਰਕਾਰ ਕਰੀਬ ਇੱਕ ਹਫ਼ਤੇ ਦਾ ਸੈਸ਼ਨ ਬੁਲਾਉਣ ਦੀ ਤਿਆਰੀ ਵਿੱਚ ਹੈ ਅਤੇ ਯੋਜਨਾ ਹੈ ਕਿ ਇਸ ਨੂੰ 15 ਅਗਸਤ ਤੋਂ ਪਹਿਲਾਂ ਸਮਾਪਤ ਕਰ ਦਿੱਤਾ ਜਾਵੇ। ਇਸ ਤੋਂ ਪਹਿਲਾਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਮੌਨਸੂਨ ਸੈਸ਼ਨ ਦੇ ਏਜੰਡੇ ਨੂੰ ਲੈ ਕੇ ਵਿਚਾਰ-ਵਟਾਂਦਰਾ ਸ਼ੁਰੂ ਕਰ ਦਿੱਤਾ ਹੈ। ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਰਕਾਰੀ ਕਾਰੋਬਾਰ ਅਤੇ ਬਿੱਲਾਂ ਸਬੰਧੀ ਚਰਚਾ ਜਾਰੀ ਹੈ। ਸੂਤਰਾਂ ਦੇ ਅਨੁਸਾਰ ਇਸ ਸੈਸ਼ਨ ਵਿੱਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ-2026 ਵਿੱਚ ਸੋਧ ਦਾ ਪ੍ਰਸਤਾਵ ਵੀ ਲਿਆਂਦਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 29 ਜੂਨ ਨੂੰ ਹੁਕਮ ਜਾਰੀ ਕਰਦੇ ਹੋਏ ਇੱਕ ਮਹੀਨੇ ਦੇ ਅੰਦਰ ਇਸ ਐਕਟ ਵਿੱਚ ਸੋਧ ਕਰਨ ਲਈ ਕਿਹਾ ਸੀ। ਇਸੇ ਦਿਨ ਸਿੱਖ ਵਿਧਾਇਕ ਅਤੇ ਮੰਤਰੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਕੁਝ ਹੋਰ ਸਮੇਂ ਦੀ ਮੋਹਲਤ ਵੀ ਮੰਗ ਸਕਦੀ ਹੈ। ਮੌਜੂਦਾ ਨਿਰਧਾਰਿਤ ਸਮਾਂ 29 ਜੁਲਾਈ ਨੂੰ ਪੂਰਾ ਹੋ ਰਿਹਾ ਹੈ। ਇਸ ਤੋਂ ਇਲਾਵਾ ਮੌਨਸੂਨ ਸੈਸ਼ਨ ਵਿੱਚ 'ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ-2026' ਨੂੰ ਐਕਟ ਦਾ ਰੂਪ ਦੇਣ ਦੀ ਵੀ ਸੰਭਾਵਨਾ ਹੈ। ਇਸ ਆਰਡੀਨੈਂਸ ਨੂੰ ਹਾਲ ਹੀ ਵਿੱਚ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਇਹ ਮੌਨਸੂਨ ਸੈਸ਼ਨ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਮੌਨਸੂਨ ਸੈਸ਼ਨ ਹੋਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਪੰਜਾਬ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਹੋਵੇਗੀ। ਸੂਤਰਾਂ ਮੁਤਾਬਕ ਫ਼ਿਲਮ 'ਸਤਲੁਜ' ਨਾਲ ਜੁੜਿਆ ਮਾਮਲਾ ਵੀ ਸੈਸ਼ਨ ਦੌਰਾਨ ਉਠ ਸਕਦਾ ਹੈ।
Leave a Reply