ਕਿਸਾਨਾਂ ਨੂੰ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼, ਲਾਪਰਵਾਹੀ ਬਰਦਾਸ਼ਤ ਨਹੀਂ: ਪ੍ਰਸ਼ਾਸਨ

ਕਿਸਾਨਾਂ ਨੂੰ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼, ਲਾਪਰਵਾਹੀ ਬਰਦਾਸ਼ਤ ਨਹੀਂ: ਪ੍ਰਸ਼ਾਸਨ

ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਅਨਾਜ ਮੰਡੀਆਂ ਵਿੱਚ ਨਿਗਰਾਨੀ ਵਧਾ ਦਿੱਤੀ ਹੈ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਉਪ ਮੰਡਲ ਮੈਜਿਸਟਰੇਟਾਂ ਵੱਲੋਂ ਸਬ ਡਵੀਜ਼ਨਾਂ ਅਧੀਨ ਆਉਂਦੀਆਂ ਮੰਡੀਆਂ ਵਿੱਚ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸੇ ਸਿਲਸਿਲੇ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਮਾਨਸਾ, ਬੁਢਲਾਡਾ ਅਤੇ ਬੋੜਾਵਾਲ ਦੀਆਂ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਕਣਕ ਦੀ ਖਰੀਦ ਨਾਲ ਸੰਬੰਧਿਤ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਨਿਰੀਖਣ ਦੌਰਾਨ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਸਾਰੀਆਂ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਬੰਧਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿੱਚ ਸਾਫ ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਸਫਾਈ ਪ੍ਰਬੰਧਾਂ ਦੀ ਵੀ ਜਾਂਚ ਕੀਤੀ। ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਰੀਦੀ ਗਈ ਫਸਲ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਰਕਾਰ ਵੱਲੋਂ ਨਿਰਧਾਰਿਤ ਸਮੇਂ ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਵੇ। ਅਨੁਪ੍ਰਿਤਾ ਜੌਹਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਮੰਡੀਆਂ ਵਿੱਚ ਲਿਆਉਣ ਤੋਂ ਪਹਿਲਾਂ ਢੰਗ ਨਾਲ ਸੁਕਾ ਕੇ ਲਿਆਉਣ, ਤਾਂ ਜੋ ਖਰੀਦ ਦੌਰਾਨ ਕੋਈ ਦਿੱਕਤ ਨਾ ਆਵੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ, ਮਜ਼ਦੂਰ ਜਾਂ ਆੜ੍ਹਤੀ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।