ਕੈਨੇਡਾ ਦੀ PR ਦਿਵਾਉਣ ਦਾ ਝਾਂਸਾ ਦੇ ਕੇ 46 ਲੱਖ ਦੀ ਠੱਗੀ, ਮੋਗਾ ’ਚ ਚਾਰ ਖ਼ਿਲਾਫ਼ ਕੇਸ
- ਪੰਜਾਬ
- (Asia/Kolkata)
ਮੋਗਾ ਪੁਲੀਸ ਨੇ ਕੈਨੇਡਾ ਵਿੱਚ ਪੱਕੇ ਤੌਰ ’ਤੇ ਸੈਟਲ ਕਰਵਾਉਣ ਅਤੇ ਅਮਰੀਕਾ ਵਿੱਚ ਰਿਫਿਊਜੀ ਸਟੇਟਸ ’ਤੇ ਰਹਿ ਰਹੇ ਨੌਜਵਾਨ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 46 ਲੱਖ ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਵੀ ਸ਼ਾਮਲ ਹਨ। ਪੁਲੀਸ ਮੁਤਾਬਕ ਮੁਲਜ਼ਮਾਂ ਦੀ ਪਛਾਣ ਵੀਰਪਾਲ ਕੌਰ, ਉਸ ਦੇ ਪਿਤਾ ਸੁਖਜਿੰਦਰ ਸਿੰਘ, ਮਾਤਾ ਕਮਲਜੀਤ ਕੌਰ ਅਤੇ ਸੁਖਵਿੰਦਰ ਕੌਰ ਵਜੋਂ ਹੋਈ ਹੈ। ਸਾਰੇ ਮੁਲਜ਼ਮ ਧਰਮਕੋਟ ਦੇ ਰਹਿਣ ਵਾਲੇ ਦੱਸੇ ਗਏ ਹਨ। ਅਮਰੀਕਾ ਰਹਿੰਦੇ ਨੌਜਵਾਨ ਨਾਲ ਵਿਆਹ ਦਾ ਦਿੱਤਾ ਸੀ ਲਾਲਚ ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਦੇ ਰਹਿਣ ਵਾਲੇ ਜਗਦੀਪ ਸਿੰਘ (40), ਪੁੱਤਰ ਅਜੀਤ ਸਿੰਘ, ਨੇ ਇਸ ਸਬੰਧੀ 28 ਫਰਵਰੀ 2026 ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀ.ਐੱਸ.ਪੀ. ਨਿਹਾਲ ਸਿੰਘ ਵਾਲਾ ਵੱਲੋਂ ਇਸ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਸ਼ੀਆਂ ਨੇ ਸ਼ਿਕਾਇਤਕਰਤਾ ਨੂੰ ਉਸ ਦੇ ਭਰਾ ਜੋਰਾਵਰ ਸਿੰਘ, ਜੋ ਇਸ ਸਮੇਂ ਅਮਰੀਕਾ ਵਿੱਚ ਰਿਫਿਊਜੀ ਸਟੇਟਸ ’ਤੇ ਰਹਿ ਰਿਹਾ ਹੈ, ਦਾ ਵਿਆਹ ਵੀਰਪਾਲ ਕੌਰ ਨਾਲ ਕਰਵਾਉਣ ਦਾ ਲਾਲਚ ਦਿੱਤਾ ਸੀ। ਇਸ ਦੇ ਨਾਲ ਹੀ ਦਾਅਵਾ ਕੀਤਾ ਗਿਆ ਸੀ ਕਿ ਵੀਰਪਾਲ ਕੌਰ ਨੂੰ ਕੈਨੇਡਾ ਭੇਜਿਆ ਜਾਵੇਗਾ ਅਤੇ ਪਰਿਵਾਰ ਦੀ ਮਦਦ ਨਾਲ ਉਹ ਉੱਥੇ ਪੱਕੇ ਤੌਰ ’ਤੇ ਸੈਟਲ ਹੋ ਜਾਵੇਗੀ। ਵੀਜ਼ਾ ਅਤੇ ਕਾਗਜ਼ਾਤ ਦੇ ਨਾਂ ’ਤੇ ਲਏ 46 ਲੱਖ ਰੁਪਏ ਪੁਲੀਸ ਜਾਂਚ ਅਨੁਸਾਰ ਵੀਜ਼ਾ ਫੀਸ, ਕਾਗਜ਼ਾਤ ਤਿਆਰ ਕਰਨ ਅਤੇ ਹੋਰ ਖਰਚਿਆਂ ਦਾ ਹਵਾਲਾ ਦੇ ਕੇ ਦੋਸ਼ੀਆਂ ਨੇ ਸ਼ਿਕਾਇਤਕਰਤਾ ਦੇ ਪਰਿਵਾਰ ਤੋਂ ਵੱਖ-ਵੱਖ ਸਮੇਂ ਦੌਰਾਨ ਲਗਭਗ 46 ਲੱਖ ਰੁਪਏ ਲੈ ਲਏ। ਸ਼ਿਕਾਇਤ ਮੁਤਾਬਕ ਰਕਮ ਹਾਸਲ ਕਰਨ ਤੋਂ ਬਾਅਦ ਦੋਸ਼ੀਆਂ ਨੇ ਨਾ ਤਾਂ ਆਪਣਾ ਵਾਅਦਾ ਪੂਰਾ ਕੀਤਾ ਅਤੇ ਨਾ ਹੀ ਪਰਿਵਾਰ ਨੂੰ ਪੈਸੇ ਵਾਪਸ ਕੀਤੇ। ਇਸ ਤੋਂ ਬਾਅਦ ਸ਼ਿਕਾਇਤਕਰਤਾ ਵੱਲੋਂ ਪੁਲੀਸ ਕੋਲ ਮਾਮਲਾ ਉਠਾਇਆ ਗਿਆ। IPC ਦੀਆਂ ਧਾਰਾਵਾਂ ਤਹਿਤ ਕੇਸ ਦਰਜ ਜਾਂਚ ਰਿਪੋਰਟ ਦੇ ਆਧਾਰ ’ਤੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਚਾਰੇ ਮੁਲਜ਼ਮਾਂ ਖ਼ਿਲਾਫ਼ IPC ਦੀ ਧਾਰਾ 420 (ਧੋਖਾਧੜੀ) ਅਤੇ ਧਾਰਾ 120-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Leave a Reply