Daily Suraj

ਪੰਜਾਬੀ

ਲੁਧਿਆਣਾ 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੇਕੇ ਪਰਿਵਾਰ ਨੇ ਪਤੀ 'ਤੇ ਲਾਇਆ ਕਤਲ ਦਾ ਦੋਸ਼

08 Sep, 2026 07:59 AM

ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਅਧੀਨ ਆਉਂਦੇ ਇਲਾਕੇ ਵਿੱਚ ਇੱਕ 25 ਸਾਲਾ ਤਿੰਨ ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ ਵਾਸੀ ਪਿੰਡ ਬੁਰਜ ਲਿੱਟਾਂ ਵਜੋਂ ਹੋਈ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਪਤੀ 'ਤੇ ਕਥਿਤ ਤੌਰ 'ਤੇ ਪਹਿਲਾਂ ਕੁੱਟਮਾਰ ਕਰਨ ਅਤੇ ਬਾਅਦ ਵਿੱਚ ਗਲਾ ਘੁੱਟ ਕੇ ਕਤਲ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਅਨੁਸਾਰ ਇਸ ਘਟਨਾ ਵਿੱਚ ਗਰਭ ਵਿੱਚ ਪਲ ਰਹੇ ਅਣਜੰਮੇ ਬੱਚੇ ਦੀ ਵੀ ਮੌਤ ਹੋ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮ੍ਰਿਤਕਾ ਦੇ ਪਤੀ ਜਸਪ੍ਰੀਤ ਸਿੰਘ ਅਤੇ ਉਸ ਦੇ ਦਾਦੇ ਜੋਗਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਦਕਿ ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੇਕੇ ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਰਪ੍ਰੀਤ ਕੌਰ ਪਿਛਲੇ ਕੁਝ ਸਮੇਂ ਤੋਂ ਘਰੇਲੂ ਕਲੇਸ਼ ਕਾਰਨ ਕਾਫ਼ੀ ਪਰੇਸ਼ਾਨ ਰਹਿੰਦੀ ਸੀ। ਇਸੇ ਵਿਵਾਦ ਦੇ ਚੱਲਦਿਆਂ ਉਹ ਆਪਣੇ ਪੇਕੇ ਪਿੰਡ ਘੁੰਘਰਾਣਾ (ਅਹਿਮਦਗੜ੍ਹ ਮੰਡੀ) ਰਹਿ ਰਹੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਐਤਵਾਰ ਨੂੰ ਉਸ ਦਾ ਪਤੀ ਜਸਪ੍ਰੀਤ ਸਿੰਘ ਨਸ਼ਾ ਛੱਡਣ ਦਾ ਭਰੋਸਾ ਦੇ ਕੇ ਅਤੇ ਸਮਝਾ-ਬੁਝਾ ਕੇ ਉਸ ਨੂੰ ਵਾਪਸ ਆਪਣੇ ਪਿੰਡ ਬੁਰਜ ਲਿੱਟਾਂ ਲੈ ਆਇਆ ਸੀ। ਦੋਸ਼ ਹੈ ਕਿ ਸੋਮਵਾਰ ਰਾਤ ਨੂੰ ਜਸਪ੍ਰੀਤ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿੱਚ ਘਰ ਪਹੁੰਚਿਆ, ਜਿਸ ਤੋਂ ਬਾਅਦ ਉਸ ਨੇ ਹਰਪ੍ਰੀਤ ਨਾਲ ਕੁੱਟਮਾਰ ਕੀਤੀ ਅਤੇ ਉਸ ਦਾ ਗਲਾ ਘੁੱਟ ਦਿੱਤਾ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਧਾਰ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ, ਜਿਸ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Posted By: Daily Suraj Bureau

Latest News