ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਧਾਮੀ ਵੱਲੋਂ ਨਾਨਕਸ਼ਾਹੀ ਕੈਲੰਡਰ ਜਾਰੀ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 558 (ਸਾਲ 2026–27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਜਾਰੀ ਕੀਤਾ ਗਿਆ। ਇਸ ਸਾਲ ਦਾ ਨਾਨਕਸ਼ਾਹੀ ਕੈਲੰਡਰ ਭਗਤ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ 400ਵੇਂ ਸਥਾਪਨਾ ਦਿਵਸ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ। ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸਿੱਖਾਂ ਦਾ ਨਵਾਂ ਸਾਲ 1 ਚੇਤ ਤੋਂ ਸ਼ੁਰੂ ਹੁੰਦਾ ਹੈ ਅਤੇ ਇਸ ਦਿਨ ਹਰ ਗੁਰਦੁਆਰਾ ਸਾਹਿਬ ਵਿੱਚ ਗੁਰਮਤਿ ਸਮਾਗਮ ਕਰਵਾ ਕੇ ਇਸ ਦੀ ਆਰੰਭਤਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਇਸ ਗੱਲ ਦਾ ਮਾਣ ਹੈ ਕਿ ਉਸਦਾ ਆਪਣਾ ਨਾਨਕਸ਼ਾਹੀ ਕੈਲੰਡਰ ਹੈ ਜੋ ਕੌਮ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਸਿੱਖਾਂ ਨੂੰ ਅਪੀਲ ਕੀਤੀ ਕਿ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਏ ਜਾਣ ਅਤੇ ਹਰ ਗੁਰੂ-ਘਰ ਤੇ ਘਰਾਂ ਵਿੱਚ ਇਹ ਕੈਲੰਡਰ ਲਗਾਇਆ ਜਾਵੇ। ਇਸ ਮੌਕੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਾਲ ਭਗਤ ਰਵਿਦਾਸ ਜੀ ਦਾ 650ਵਾਂ ਜਨਮ ਦਿਹਾੜਾ ਅਤੇ ਸ੍ਰੀ ਕੀਰਤਪੁਰ ਸਾਹਿਬ ਦਾ 400ਵਾਂ ਸਥਾਪਨਾ ਦਿਵਸ ਸਿੱਖ ਕੌਮ ਵੱਲੋਂ ਚੜ੍ਹਦੀ ਕਲਾ ਅਤੇ ਪੰਥਕ ਸ਼ਾਨ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸ਼ਤਾਬਦੀ ਸਬੰਧੀ ਭਾਈਚਾਰੇ ਨਾਲ ਮਿਲ ਕੇ ਸਮਾਗਮਾਂ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400ਵੇਂ ਸਥਾਪਨਾ ਦਿਵਸ ਨੂੰ ਵੀ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਦੇ ਸਹਿਯੋਗ ਨਾਲ ਯਾਦਗਾਰੀ ਢੰਗ ਨਾਲ ਮਨਾਇਆ ਜਾਵੇਗਾ। ਐਡਵੋਕੇਟ ਧਾਮੀ ਨੇ ਭਾਈ ਤਾਰਾ ਸਿੰਘ ਵਾਂ ਦੀ 300ਵੀਂ ਸ਼ਹੀਦੀ ਸ਼ਤਾਬਦੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 11 ਤੋਂ 14 ਮਾਰਚ 2026 ਤੱਕ ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ਤਾਬਦੀ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਸੰਮਤ 558 ਦੀ ਆਰੰਭਤਾ ਮੌਕੇ 13 ਮਾਰਚ ਦੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਹੋਣ ਵਾਲੇ ਗੁਰਮਤਿ ਸਮਾਗਮ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੇਜਰ ਸਿੰਘ ਢਿੱਲੋਂ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਫੁੰਮਣ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਹਰਪਾਲ ਸਿੰਘ ਜੱਲ੍ਹਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਇੰਚਾਰਜ ਰਾਜਵਿੰਦਰ ਸਿੰਘ ਜੋਗਾ, ਬਗੀਚਾ ਸਿੰਘ, ਮਲਕੀਤ ਸਿੰਘ ਸਮੇਤ ਹੋਰ ਹਾਜ਼ਰ ਸਨ।
Posted By: Daily Suraj Bureau