ਕਮਿਊਨਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
ਫਗਵਾੜਾ (ਅਸ਼ੋਕ ਸ਼ਰਮਾ) ਬੜਾ ਪਿੰਡ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਅੱਜ ਰਾਸ਼ਟਰੀ ਵੋਟਰ ਦਿਵਸ ਜਾਗਰੂਕਤਾ ਅਤੇ ਉਤਸ਼ਾਹ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ.ਪਰਮਜੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਨਾਗਰਿਕਾਂ ਵਿੱਚ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਵਧਾਉਣਾ, ਲੋਕਤੰਤਰਿਕ ਮੁੱਲਾਂ ਨੂੰ ਮਜ਼ਬੂਤ ਕਰਨਾ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਚੋਣੀ ਪ੍ਰਕਿਰਿਆ ਨਾਲ ਜੋੜਨਾ ਹੈ।
ਇਸ ਮੌਕੇ 'ਤੇ ਡਾ.ਡਿਪਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵੋਟ ਪਾਉਣਾ ਹਰ ਯੋਗ ਨਾਗਰਿਕ ਦੀ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀ ਹੈ ਅਤੇ ਸਹੀ ਵੋਟਿੰਗ ਰਾਹੀਂ ਹੀ ਮਜ਼ਬੂਤ ਲੋਕਤੰਤਰ ਦੀ ਨਿਰਮਾਣ ਹੋ ਸਕਦੀ ਹੈ। ਉਨ੍ਹਾਂ ਨਾਗਰਿਕਾਂ ਨੂੰ ਬਿਨਾਂ ਡਰ, ਨਿਰਪੱਖ ਅਤੇ ਬਿਨਾਂ ਕਿਸੇ ਲਾਲਚ ਦੇ ਵੋਟ ਪਾਉਣ ਦੀ ਅਪੀਲ ਕੀਤੀ।ਇਸ ਦੌਰਾਨ ਮੈਡੀਕਲ ਅਫ਼ਸਰ ਡਾ.ਮਨਮੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਗਰਮ ਅਤੇ ਸੂਚਿਤ ਵੋਟਰ ਹੀ ਲੋਕਤੰਤਰ ਦੀ ਅਸਲ ਤਾਕਤ ਹੁੰਦੇ ਹਨ। ਇਸ ਮੌਕੇ ਤੇ ਹਾਜ਼ਰ ਸਟਾਫ਼ ਅਤੇ ਲੋਕਾਂ ਨੂੰ ਰਾਸ਼ਟਰੀ ਵੋਟਰ ਦਿਵਸ ਦੀ ਸ਼ਪਥ ਦਿਵਾਈ ਗਈ।
Posted By: Daily Suraj Bureau