Daily Suraj

ਪੰਜਾਬੀ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

30 May, 2025 11:00 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।

ਅਰਦਾਸ ਉਪਰੰਤ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ । ਉਨ੍ਹਾਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਤੇ ਸਿੱਖ ਇਤਿਹਾਸ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ ਅਤੇ ਕਵੀਆਂ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ’ਤੇ ਸ਼ਰਧਾ ਨਾਲ ਮਥਾ ਟੇਕਿਆ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ’ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ।

#ShaheediDiwasa #GuruArjanDevJi #ShiromaniCommittee #SikhHeritage #SikhHistory #PunjabiNews


Posted By: Daily Suraj Bureau

Latest News