ਪੰਜਾਬ ਨਾਲ ਨਾਇਂਸਾਫ਼ੀ ਦਾ ਦੋਸ਼, ਭਗਵੰਤ ਮਾਨ ਨੇ ਯੂਨੀਅਨ ਬਜਟ ‘ਤੇ ਜਤਾਈ ਨਿਰਾਸ਼ਾ

ਪੰਜਾਬ ਨਾਲ ਨਾਇਂਸਾਫ਼ੀ ਦਾ ਦੋਸ਼, ਭਗਵੰਤ ਮਾਨ ਨੇ ਯੂਨੀਅਨ ਬਜਟ ‘ਤੇ ਜਤਾਈ ਨਿਰਾਸ਼ਾ

ਕੇਂਦਰੀ ਬਜਟ (Union Budget) ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ” ਇਸ ਬਜਟ (Union Budget) ਵਿੱਚ ਨਾ ਕਿਸਾਨਾਂ ਲਈ MSP ਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਅਤੇ ਉਦਯੋਗ ਤੇ ਟੈਕਸ ‘ਚ ਵੀ ਕਿਸੇ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਗਈ। ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਗਿਆ। ਪੰਜਾਬ ਦੇ ਲੋਕ ਬਹੁਤ ਮਿਹਨਤਕਸ਼ ਤੇ ਜਨੂੰਨੀ ਹਨ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਅਤੇ ਜਜ਼ਬੇ ਵਾਲੇ ਹਨ ਅਤੇ ਕੇਂਦਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਦੇ ਬਾਵਜੂਦ ਆਪ ਸਰਕਾਰ ਅਤੇ ਪੰਜਾਬ ਦੇ ਲੋਕ ਇੱਕਜੁੱਟ ਹੋ ਕੇ ਪੰਜਾਬ ਨੂੰ ਆਪਣੇ ਦਮ ‘ਤੇ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਗੇ। ਇਸ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ (Union Budget ) ’ਤੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਉਸ ਦੇ ਕਿਸਾਨ-ਪੱਖੀ ਹੋਣ ਦੇ ਖੋਖਲੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਚੀਮਾ ਨੇ ਇਸ਼ਾਰਾ ਕੀਤਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਸਹਾਇਤਾ ਦਿੱਤੀ ਗਈ ਹੈ, ਜਿਸ ਨਾਲ ਖੇਤੀ ਪ੍ਰਧਾਨ ਰਾਜਾਂ ਨੂੰ ਆਪਣੇ ਭਰੋਸੇ ਛੱਡ ਦਿੱਤਾ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਜਟ ਸਪੱਸ਼ਟ ਤੌਰ ’ਤੇ ਕੇਂਦਰ ਦੇ ਪੱਖਪਾਤ ਅਤੇ ਅੰਨ ਪੈਦਾ ਕਰਨ ਵਾਲੇ ਰਾਜਾਂ, ਖਾਸ ਕਰਕੇ ਪੰਜਾਬ ਦੇ ਕਿਸਾਨਾਂ ਪ੍ਰਤੀ ਉਸ ਦੀ ਲਗਾਤਾਰ ਉਦਾਸੀਨਤਾ ਨੂੰ ਦਰਸਾਉਂਦਾ ਹੈ। ਇਹ ਕਿਸਾਨ ਸਨਮਾਨ, ਸਹਿਯੋਗ ਅਤੇ ਉਚਿਤ ਨਿਵੇਸ਼ ਦੇ ਹੱਕਦਾਰ ਹਨ, ਖੋਖਲੇ ਨਾਅਰਿਆਂ ਦੇ ਨਹੀਂ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਕੇਂਦਰੀ ਬਜਟ- 2026 ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਵਾਧੇ ਜਾਂ ਮੰਡੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਲਈ ਕੁਝ ਵੀ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜਾਂ ਨੂੰ ਆਪਣੇ ਫੰਡਾਂ ਨਾਲ ਹੀ ਵਿਕਾਸ ਕਰਨਾ ਹੋਵੇਗਾ। ਬਜਟ ਵਿੱਚ ਉੱਚ-ਮੁੱਲ ਵਾਲੀਆਂ ਫਸਲਾਂ ਦੇ ਵਿਕਾਸ ਬਾਰੇ ਜ਼ਿਕਰ ਹੋਇਆ ਪਰ ਪੰਜਾਬ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਰੱਖਿਆ।