ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਧਮਕੀਆਂ ਦੇਣ ਵਾਲਾ ਦੋਸ਼ੀ ਪੁਲੀਸ ਹੱਥ ਚੜ੍ਹਿਆ

ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਧਮਕੀਆਂ ਦੇਣ ਵਾਲਾ ਦੋਸ਼ੀ ਪੁਲੀਸ ਹੱਥ ਚੜ੍ਹਿਆ

ਦਿੱਲੀ ਪੁਲੀਸ ਨੇ ਦੇਸ਼ ਭਰ ਵਿੱਚ ਸਕੂਲਾਂ, ਹਾਈ ਕੋਰਟਾਂ ਅਤੇ ਸਰਕਾਰੀ ਦਫ਼ਤਰਾਂ ਨੂੰ 1,100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਭੇਜਣ ਦੇ ਦੋਸ਼ ਵਿੱਚ ਕਰਨਾਟਕ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਪੁਲੀਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ 47 ਸਾਲਾ ਸ਼੍ਰੀਨਿਵਾਸ ਲੂਈਸ ਵਜੋਂ ਹੋਈ ਹੈ, ਜੋ ਕਿ ਕਰਨਾਟਕ ਦੇ ਮੈਸੂਰ ਨਾਲ ਸੰਬੰਧਿਤ ਹੈ। ਉਸ ਨੂੰ ਦਿੱਲੀ ਪੁਲੀਸ ਅਤੇ ਸਥਾਨਕ ਪੁਲੀਸ ਦੀ ਸਾਂਝੀ ਕਾਰਵਾਈ ਦੌਰਾਨ ਸ਼ਨਿੱਚਰਵਾਰ ਨੂੰ ਉਸ ਦੇ ਕਿਰਾਏ ਦੇ ਮਕਾਨ ਤੋਂ ਕਾਬੂ ਕੀਤਾ ਗਿਆ। ਇਹ ਗ੍ਰਿਫ਼ਤਾਰੀ ਉਸ ਸਮੇਂ ਕੀਤੀ ਗਈ ਹੈ ਜਦੋਂ ਹਾਲ ਹੀ ਵਿੱਚ ਦਿੱਲੀ ਹਾਈ ਕੋਰਟ, ਵਿਧਾਨ ਸਭਾ ਅਤੇ ਕਈ ਸਿੱਖਿਆ ਸੰਸਥਾਵਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਲਗਾਤਾਰ ਬੰਬ ਧਮਕੀ ਵਾਲੇ ਸੰਦੇਸ਼ ਭੇਜੇ ਜਾ ਰਹੇ ਸਨ। ਇਸ ਸਬੰਧੀ ਵੱਖ-ਵੱਖ ਸੂਬਿਆਂ ਵਿੱਚ ਕਈ ਐੱਫ.ਆਈ.ਆਰ. ਵੀ ਦਰਜ ਕੀਤੀਆਂ ਗਈਆਂ ਸਨ। ਅਧਿਕਾਰੀਆਂ ਅਨੁਸਾਰ ਮੁਲਜ਼ਮ ਪੋਸਟ ਗ੍ਰੈਜੂਏਟ ਹੈ ਅਤੇ ਬੈਂਗਲੁਰੂ ਦਾ ਰਹਿਣ ਵਾਲਾ ਹੈ। ਉਹ ਇਸ ਸਮੇਂ ਬੇਰੁਜ਼ਗਾਰ ਹੈ ਅਤੇ ਆਪਣੀ ਮਾਤਾ ਨਾਲ ਰਹਿੰਦਾ ਹੈ, ਜੋ ਕਿ ਸੇਵਾਮੁਕਤ ਸਰਕਾਰੀ ਕਰਮਚਾਰੀ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਸੰਕੇਤ ਮਿਲਦੇ ਹਨ ਕਿ ਮੁਲਜ਼ਮ ਮਾਨਸਿਕ ਤਣਾਅ ਵਿੱਚ ਹੋ ਸਕਦਾ ਹੈ। ਸ਼ੁਰੂਆਤੀ ਪੁੱਛਗਿੱਛ ਦੌਰਾਨ ਉਸ ਨੇ ਈਮੇਲ ਅਤੇ ਹੋਰ ਸੰਚਾਰ ਸਾਧਨਾਂ ਰਾਹੀਂ ਦੇਸ਼ ਭਰ ਵਿੱਚ 1,100 ਤੋਂ ਵੱਧ ਧਮਕੀ ਭਰੇ ਸੰਦੇਸ਼ ਭੇਜਣ ਦੀ ਗੱਲ ਕਬੂਲ ਕੀਤੀ ਹੈ। ਪੁਲੀਸ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਦੀ ਜਾਂਚ ਜਾਰੀ ਹੈ ਅਤੇ ਧਮਕੀਆਂ ਦੇ ਮਕਸਦ ਬਾਰੇ ਪਤਾ ਲਗਾਇਆ ਜਾ ਰਿਹਾ ਹੈ।