ਸੁਰੱਖਿਅਤ ਬਚਪਨ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਪੋਕਸੋ ਐਕਟ ਬਾਰੇ ਕੀਤਾ ਜਾਗਰੂਕ

ਸੁਰੱਖਿਅਤ ਬਚਪਨ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਪੋਕਸੋ ਐਕਟ ਬਾਰੇ ਕੀਤਾ ਜਾਗਰੂਕ

(ਜਗਸੀਰ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਡਬਰ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਸਬੰਧੀ ਕਾਨੂੰਨ (ਪੋਕਸੋ ਐਕਟ) ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਆਪਣੇ ਆਪ ਨੂੰ ਵੱਖ-ਵੱਖ ਤਰ੍ਹਾਂ ਦੇ ਸ਼ੋਸ਼ਣ ਤੋਂ ਸੁਰੱਖਿਅਤ ਰੱਖਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਸਕੂਲ ਦੇ ਨੋਡਲ ਅਫ਼ਸਰ ਰਿਸ਼ੀ ਕੁਮਾਰ ਅਤੇ ਅਵਨੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਹ ਸੇਵਾ ਬੱਚਿਆਂ ਦੀ ਸਹਾਇਤਾ ਲਈ 24 ਘੰਟੇ ਉਪਲਬਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਸ਼ਕਲ, ਸ਼ੋਸ਼ਣ ਜਾਂ ਅਸੁਰੱਖਿਅਤ ਸਥਿਤੀ ਦਾ ਸਾਹਮਣਾ ਕਰਨ ਸਮੇਂ ਬੱਚੇ ਇਸ ਹੈਲਪਲਾਈਨ ਰਾਹੀਂ ਮਦਦ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਵਿਦਿਆਰਥੀਆਂ ਨੂੰ 'ਗੁੱਡ ਟੱਚ ਅਤੇ ਬੈਡ ਟੱਚ' ਬਾਰੇ ਵੀ ਸਰਲ ਭਾਸ਼ਾ ਵਿੱਚ ਸਮਝਾਇਆ ਗਿਆ ਅਤੇ ਆਪਣੀ ਸਰੀਰਕ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਦੇ ਨਾਲ ਹੀ ਬਾਲ ਸੁਰੱਖਿਆ ਯੂਨਿਟ, ਦੀਆਂ ਸੇਵਾਵਾਂ ਅਤੇ ਇਸ ਦੀ ਭੂਮਿਕਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਨੂੰ ਬਾਲ ਸ਼ੋਸ਼ਣ ਦੇ ਵੱਖ-ਵੱਖ ਰੂਪਾਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਗਿਆ ਕਿ ਮਾੜੀ ਨਜ਼ਰ ਨਾਲ ਦੇਖਣਾ, ਪਿੱਛਾ ਕਰਨਾ, ਜਬਰੀ ਕੰਮ ਕਰਵਾਉਣਾ, ਪੜ੍ਹਾਈ ਤੋਂ ਵਾਂਝਾ ਰੱਖਣਾ, ਬਾਲ ਮਜ਼ਦੂਰੀ ਕਰਵਾਉਣਾ, ਸਰੀਰਕ ਤੌਰ 'ਤੇ ਤੰਗ-ਪ੍ਰੇਸ਼ਾਨ ਕਰਨਾ ਅਤੇ ਘਰੇਲੂ ਸ਼ੋਸ਼ਣ ਆਦਿ ਵੀ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਗੰਭੀਰ ਮਾਮਲੇ ਹਨ। ਵਿਦਿਆਰਥੀਆਂ ਨੂੰ ਅਜਿਹੀ ਕਿਸੇ ਵੀ ਘਟਨਾ ਬਾਰੇ ਚੁੱਪ ਨਾ ਰਹਿਣ ਅਤੇ ਭਰੋਸੇਯੋਗ ਵਿਅਕਤੀ ਜਾਂ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਗਿਆ। ਸੈਮੀਨਾਰ ਦੇ ਅੰਤ ਵਿੱਚ ਸਕੂਲ ਮੁਖੀ ਸੱਚਦੀਪ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਸ਼ੋਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਆਪਣੇ ਜੀਵਨ ਨੂੰ ਸਿੱਖਿਆ, ਸੱਚਾਈ ਅਤੇ ਚੰਗੇ ਨੈਤਿਕ ਆਚਰਨ ਦੇ ਆਧਾਰ 'ਤੇ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਸਬੰਧੀ ਆਪਣੇ ਮਾਪਿਆਂ, ਅਧਿਆਪਕਾਂ ਜਾਂ ਸਬੰਧਤ ਅਧਿਕਾਰੀਆਂ ਨਾਲ ਗੱਲ ਸਾਂਝੀ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਕੁਲਦੀਪ ਕੌਰ, ਮਨਪ੍ਰੀਤ ਕੌਰ, ਕਿਰਨਜੀਤ ਕੌਰ ਅਤੇ ਸਿਮਰਨਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।