ਮੁੱਖ ਮੰਤਰੀ ਤੀਰਥ ਯਾਤਰਾ ਨਾਲ ਲੋਕਾਂ ਦੀ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਆਸ ਹੋਵੇਗੀ ਪੂਰੀ-ਵਿਧਾਇਕ ਹੈਪੀ
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਪਿੰਡ ਸ਼ਮਸਪੁਰ ਤੋਂ ਸ਼੍ਰੀ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ ਬਸੀ ਪਠਾਣਾ,( ਮੁਖ਼ਤਿਆਰ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇੱਕ ਅਜਿਹੀ ਯੋਜਨਾ ਹੈ ਜੋ ਕਿ ਲੋਕਾਂ ਦੀ ਧਾਰਮਿਕ ਸਥਾਨਾਂ ਤੇ ਜਾਣ ਦੀ ਆਸ ਨੂੰ ਪੂਰਾ ਕਰੇਗੀ ਕਿਉਂਕਿ ਕੁੱਝ ਲੋਕ ਆਰਥਿਕ ਤੰਗੀ ਕਾਰਨ ਇਹਨਾਂ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਪਿੰਡ ਸ਼ਮਸਪੁਰ ਤੋਂ ਸ਼੍ਰੀ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਵਾਸੀਆਂ ਨੂੰ ਪੰਜਾਬ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਤੇ ਮੁਫਤ ਲੈ ਜਾਣ ਤੋਂ ਇਲਾਵਾ ਉਹਨਾਂ ਦੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਹੀ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤੰਗੀ ਕਾਰਨ ਲੋਕ ਇਹਨਾਂ ਮਹਾਨ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਨਾ ਰਹਿਣ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਇਸ ਗੱਲ ਦੇ ਗਵਾਹ ਹਨ ਕਿ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵੱਖ-ਵੱਖ ਲੋਕ ਭਲਾਈ ਸਕੀਮਾਂ ਚਾਲੂ ਕੀਤੀਆਂ ਗਈਆਂ ਹਨ ਜਿਨਾਂ ਦਾ ਲਾਹਾ ਹਰੇਕ ਪੰਜਾਬੀ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾ ਮੁਫਤ ਬਿਜਲੀ ਦੀ ਯੋਜਨਾ ਨਾਲ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਗਈ ਇਸੇ ਤਰ੍ਹਾਂ ਹੁਣ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਲੋਕਾਂ ਨੂੰ ਵੱਖ-ਵੱਖ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਏ ਜਾ ਰਹੇ ਹਨ। ਹਲਕੇ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਪਹਿਲਾਂ ਲੋਕ ਆਰਥਿਕ ਤੰਗੀ ਕਾਰਨ ਧਾਰਮਿਕ ਸਥਾਨਾਂ ਤੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਪਰੰਤੂ ਪੰਜਾਬ ਸਰਕਾਰ ਨੇ ਇਹ ਯੋਜਨਾ ਲਾਗੂ ਕਰਕੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ।
Posted By: Daily Suraj Bureau