ਅੰਮ੍ਰਿਤਸਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਧੀ ਚੌਕਸੀ, 6 ਜੂਨ ਤੱਕ ਜਾਰੀ ਰਹਿਣਗੇ ਫਲੈਗ ਮਾਰਚ

ਅੰਮ੍ਰਿਤਸਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਧੀ ਚੌਕਸੀ, 6 ਜੂਨ ਤੱਕ ਜਾਰੀ ਰਹਿਣਗੇ ਫਲੈਗ ਮਾਰਚ

6 ਜੂਨ ਨੂੰ ਮਨਾਏ ਜਾਣ ਵਾਲੇ ਆਪ੍ਰੇਸ਼ਨ ਬਲੂ ਸਟਾਰ ਹਫ਼ਤੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਹਨ। ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਨਿਯਮਤ ਤੌਰ ’ਤੇ ਫਲੈਗ ਮਾਰਚ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਹਿੰਮ 6 ਜੂਨ ਤੱਕ ਜਾਰੀ ਰਹੇਗੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਅਨੁਸਾਰ, ਘੱਲੂਘਾਰਾ ਹਫ਼ਤੇ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ। ਇਸ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਤਿੰਨਾਂ ਜ਼ੋਨਾਂ ਵਿੱਚ ਵਿਸ਼ਾਲ ਫਲੈਗ ਮਾਰਚ ਕੱਢੇ ਗਏ ਹਨ, ਤਾਂ ਜੋ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤੀ ਨਾਲ ਬਣਾਈ ਰੱਖਿਆ ਜਾ ਸਕੇ। ਫਲੈਗ ਮਾਰਚ ਦੌਰਾਨ ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ, ਮੁੱਖ ਬਾਜ਼ਾਰਾਂ ਅਤੇ ਜਨਤਕ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ’ਤੇ ਵਿਸ਼ਵਾਸ ਨਾ ਕਰਨ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ਨੂੰ ਹੀ ਮੰਨਣ। ਸ਼ਹਿਰ ਵਿੱਚ ਸੁਰੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 2500 ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਬਾਰਡਰ ਸੁਰੱਖਿਆ ਬਲ (BSF), ਇੰਡੋ-ਤਿੱਬਤ ਬਾਰਡਰ ਪੁਲਿਸ (ITBP) ਅਤੇ ਰੈਪਿਡ ਐਕਸ਼ਨ ਫੋਰਸ (RAF) ਦੀਆਂ ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਤਾਂ ਜੋ ਹਰ ਸਥਿਤੀ ਵਿੱਚ ਅਮਨ ਅਤੇ ਸੁਰੱਖਿਆ ਬਣੀ ਰਹੇ। ਪੁਲਿਸ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ, ਪੁਰਾਣੇ ਸ਼ਹਿਰ ਦੇ ਖੇਤਰਾਂ, ਸ੍ਰੀ ਹਰਿਮੰਦਰ ਸਾਹਿਬ ਅਤੇ ਇਸ ਦੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ। ਇਨ੍ਹਾਂ ਮਾਰਚਾਂ ਦਾ ਮਕਸਦ ਲੋਕਾਂ ਵਿੱਚ ਭਰੋਸਾ ਪੈਦਾ ਕਰਨਾ ਅਤੇ ਕਿਸੇ ਵੀ ਅਫਵਾਹ ਜਾਂ ਸਮਾਜ ਵਿਰੋਧੀ ਗਤੀਵਿਧੀ ’ਤੇ ਨਜ਼ਰ ਰੱਖਣਾ ਹੈ। ਪੁਲਿਸ ਅਨੁਸਾਰ, ਸ਼ਹਿਰ ਭਰ ਵਿੱਚ ਲਗਾਤਾਰ ਗਸ਼ਤ, ਨਾਕਾਬੰਦੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਚੌਕਸੀ ਵੀ ਰੱਖੀ ਗਈ ਹੈ।