ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 30 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ
- ਪੰਜਾਬ
- (Asia/Kolkata)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਤੋਂ 30 ਪ੍ਰਿੰਸੀਪਲਾਂ ਦੇ ਬੈਚ ਨੂੰ ਸਿੰਗਾਪੁਰ ਵਿੱਚ ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੈਚ ਵਿੱਚ 20 ਮਹਿਲਾ ਪ੍ਰਿੰਸੀਪਲ ਅਤੇ 10 ਪੁਰਸ਼ ਪ੍ਰਿੰਸੀਪਲ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵੱਖ-ਵੱਖ ਦੇਸ਼ਾਂ ਵਿੱਚ ਟ੍ਰੇਨਿੰਗ ਦਿਵਾ ਕੇ ਸਕੂਲੀ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉੱਚਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ 234 ਪ੍ਰਿੰਸੀਪਲਾਂ ਨੂੰ ਸੱਤ ਬੈਚਾਂ ਰਾਹੀਂ ਸਿੰਗਾਪੁਰ ਵਿੱਚ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਨਵੇਂ ਭੇਜੇ ਗਏ ਬੈਚ ਸਮੇਤ ਹੁਣ ਤੱਕ ਸਿੰਗਾਪੁਰ ਵਿੱਚ ਸਿਖਲਾਈ ਲੈਣ ਵਾਲੇ ਪ੍ਰਿੰਸੀਪਲਾਂ ਦੀ ਕੁੱਲ ਗਿਣਤੀ 264 ਹੋ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਪਰੈਲ ਮਹੀਨੇ ਵਿੱਚ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਫਿਨਲੈਂਡ ਵਿੱਚ ਟ੍ਰੇਨਿੰਗ ਲਈ ਭੇਜਣ ਦੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅੰਤਰਰਾਸ਼ਟਰੀ ਟ੍ਰੇਨਿੰਗ ਪ੍ਰੋਗਰਾਮਾਂ ਨਾਲ ਸਿੱਖਿਆ ਪ੍ਰਣਾਲੀ ਵਿੱਚ ਨਵੀਆਂ ਤਕਨੀਕਾਂ ਅਤੇ ਤਜਰਬੇ ਸ਼ਾਮਲ ਹੋਣਗੇ, ਜਿਸ ਨਾਲ ਵਿਦਿਆਰਥੀਆਂ ਨੂੰ ਹੋਰ ਵਧੀਆ ਸਿੱਖਿਆ ਮਿਲੇਗੀ।
Leave a Reply