ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਇਆ ਜਾ ਰਿਹੈ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ
ਮੋਗਾ : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਮੋਗਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਪਿੰਡ ਡਗਰੂ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ।ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਹੇ ਹਨ, ਇਹਨਾਂ ਤੋਂ ਬਚਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿੱਚ ਗ੍ਰਸਤ ਹੋਈ ਨੌਜਵਾਨੀ ਗ਼ਲਤ ਰਸਤੇ ਅਪਣਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਖ਼ਰਾਬ ਕਰ ਰਹੀ ਹੈ ਜਿਸ ਦਾ ਖਮਿਆਜ਼ਾ ਪੂਰੇ ਸਮਾਜ ਨੂੰ ਵੀ ਭੁਗਤਣਾ ਪੈਂਦਾ ਹੈ।ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ -ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸੈਮੀਨਾਰ ’ਚ ਅੰਮ੍ਰਿਤਪਾਲ ਸਿੰਘ, ਕਲੱਸਟਰ ਪ੍ਰੋਗਰਾਮ ਮੈਨੇਜਰ, ਦਿਸ਼ਾ ਕਲੱਸਟਰ ਫਿਰੋਜ਼ਪੁਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਨੇ ਵੀ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਕਿਸ ਤਰ੍ਹਾਂ ਅੱਜ ਦਾ ਨੌਜਵਾਨ ਨਸ਼ਿਆਂ ਦੀ ਜਕੜ ਵਿੱਚ ਆਉਂਦਾ ਹੈ ਅਤੇ ਇਹਨਾਂ ਮਾਰੂ ਨਸ਼ਿਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ।ਸੈਮੀਨਾਰ ਦੇ ਅੰਤ ਵਿੱਚ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਨੁੱਕੜ ਨਾਟਕ ਵੀ ਖੇਡਿਆ ਗਿਆ। ਅੰਤ ਵਿੱਚ ਸੁਖਮੰਦਰ ਸਿੰਘ, ਪ੍ਰਧਾਨ ਦਸਮੇਸ਼ ਯੂਥ ਕਲੱਬ, ਡਗਰੂ ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ ਅਤੇ ਪਿੰਡ ਦੇ ਸਰਪੰਚ ਗੁਰਸੇਵਕ ਸਿੰਘ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਦਸਮੇਸ਼ ਯੂਥ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ।
Posted By: Daily Suraj Bureau