Daily Suraj

ਪੰਜਾਬੀ

ਚਿਤਕਾਰਾ ਯੂਨੀਵਰਸਿਟੀ 'ਚ ਅਫ਼ਵਾਹਾਂ ਤੋਂ ਬਾਅਦ ਹੰਗਾਮਾ: ਵਿਦਿਆਰਥਣਾਂ ਦੇ ਲਾਪਤਾ ਹੋਣ ਦੇ ਰੋਸ 'ਚ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ

26 Sep, 2026 05:52 PM

ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਸ਼ੁੱਕਰਵਾਰ ਰਾਤ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ ਲਾਪਤਾ ਹੋਣ ਦੀਆਂ ਅਫ਼ਵਾਹਾਂ ਤੇਜ਼ੀ ਨਾਲ ਫੈਲ ਗਈਆਂ। ਇਨ੍ਹਾਂ ਖ਼ਬਰਾਂ ਤੋਂ ਬਾਅਦ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਕੈਂਪਸ ਦੇ ਅੰਦਰ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਹੰਗਾਮੇ ਦੌਰਾਨ ਕੁੱਝ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਪੰਜਾਬ ਪੁਲਿਸ ਦੀ ਇੱਕ ਗੱਡੀ ਦੀ ਭੰਨਤੋੜ ਵੀ ਕੀਤੀ, ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਦਾਅਵਾ ਸੀ ਕਿ ਉਨ੍ਹਾਂ ਨੂੰ ਕੁੜੀਆਂ ਦੇ ਹੋਸਟਲ ਵਿੱਚੋਂ ਚੀਕਾਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਸਨ ਅਤੇ ਉਹ ਮਾਮਲੇ ਦੀ ਅਸਲ ਸੱਚਾਈ ਜਾਣਨਾ ਚਾਹੁੰਦੇ ਸਨ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਅਫ਼ਵਾਹਾਂ ਦਾ ਖੰਡਨ ਘਟਨਾ ਦੀ ਜਾਣਕਾਰੀ ਮਿਲਦੇ ਹੀ ਚਿਤਕਾਰਾ ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਰਾਕੇਸ਼ ਸ਼ਰਮਾ (ਸੇਵਾਮੁਕਤ) ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਕੈਂਪਸ ਅੰਦਰ ਅਜਿਹੀ ਕੋਈ ਵੀ ਘਟਨਾ ਨਹੀਂ ਵਾਪਰੀ ਹੈ ਅਤੇ ਇਹ ਸਭ ਮਹਿਜ਼ ਅਫ਼ਵਾਹਾਂ ਹਨ। ਇਸ ਦੇ ਨਾਲ ਹੀ ਸਥਿਤੀ ਦਾ ਜਾਇਜ਼ਾ ਲੈਣ ਲਈ ਬਨੂੜ ਦੇ ਡੀ.ਐੱਸ.ਪੀ. ਸੁਖਦੇਵ ਸਿੰਘ, ਰਾਜਪੁਰਾ ਐੱਸ.ਐੱਚ.ਓ. ਗੁਰਸੇਵਕ ਸਿੰਘ ਅਤੇ ਰਾਜਪੁਰਾ ਸਦਰ ਐੱਸ.ਐੱਚ.ਓ. ਕਿਰਪਾਲ ਮੋਹੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਡੀ.ਐੱਸ.ਪੀ. ਨੇ ਦੱਸਿਆ ਕਿ ਵਿਦਿਆਰਥੀ ਦੋ ਲੜਕੀਆਂ ਦੇ ਲਾਪਤਾ ਹੋਣ ਦਾ ਦਾਅਵਾ ਕਰ ਰਹੇ ਸਨ, ਪਰ ਮੌਕੇ 'ਤੇ ਕਿਸੇ ਵੀ ਵਿਦਿਆਰਥੀ ਕੋਲ ਇਸ ਬਾਰੇ ਕੋਈ ਪੱਕੀ ਜਾਣਕਾਰੀ ਜਾਂ ਲਾਪਤਾ ਲੜਕੀਆਂ ਦੇ ਨਾਮ ਨਹੀਂ ਸਨ। ਪੁਲਿਸ ਨੇ ਵਿਦਿਆਰਥੀਆਂ ਦੀ ਸ਼ਿਕਾਇਤ ਦਰਜ ਕਰ ਲਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਅਫ਼ਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ, ਕਲਾਸਾਂ ਆਮ ਵਾਂਗ ਲੱਗਣਗੀਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਕੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਣ-ਪ੍ਰਮਾਣਿਤ ਕਹਾਣੀਆਂ ਅਤੇ ਵੱਖ-ਵੱਖ ਗਰੁੱਪਾਂ ਵਿੱਚ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ 'ਤੇ ਬਿਲਕੁਲ ਵੀ ਧਿਆਨ ਨਾ ਦੇਣ। ਪ੍ਰਸ਼ਾਸਨ ਅਨੁਸਾਰ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਟੀਮਾਂ ਸਥਿਤੀ ਨੂੰ ਪੂਰੀ ਤਰ੍ਹਾਂ ਕੰਟਰੋਲ ਵਿੱਚ ਰੱਖਣ ਲਈ ਮਿਲ ਕੇ ਕੰਮ ਕਰ ਰਹੀਆਂ ਹਨ। ਯੂਨੀਵਰਸਿਟੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸ਼ਨੀਵਾਰ ਨੂੰ ਸਾਰੀਆਂ ਅਕਾਦਮਿਕ ਕਲਾਸਾਂ ਅਤੇ ਪਲੇਸਮੈਂਟ ਗਤੀਵਿਧੀਆਂ ਆਪਣੇ ਤੈਅ ਸਮੇਂ ਮੁਤਾਬਕ ਹੀ ਚੱਲਣਗੀਆਂ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਿਰਫ਼ ਅਧਿਕਾਰਤ ਸੂਚਨਾਵਾਂ 'ਤੇ ਹੀ ਵਿਸ਼ਵਾਸ ਕਰਨ।

Posted By: Daily Suraj Bureau

Latest News