ਚੋਣ ਕਮਿਸ਼ਨ ਖ਼ਿਲਾਫ਼ ਪੰਜਾਬ ਕਾਂਗਰਸ ਦਾ ਹੱਲਾਬੋਲ: ਚੰਡੀਗੜ੍ਹ 'ਚ ਸਚਿਨ ਪਾਇਲਟ ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾਰਚ
ਕੇਂਦਰੀ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਵਿਰੁੱਧ ਪੰਜਾਬ ਕਾਂਗਰਸ ਨੇ ਮੋਰਚਾ ਖੋਲ੍ਹਦਿਆਂ ਅੱਜ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਆਗੂ ਅਤੇ ਹਜ਼ਾਰਾਂ ਵਰਕਰ ਅੱਜ ਸੜਕਾਂ 'ਤੇ ਉਤਰ ਕੇ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਰੋਸ ਮਾਰਚ ਕੱਢਣਗੇ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਰੋਸ ਮਾਰਚ ਸ਼ੁੱਕਰਵਾਰ ਸਵੇਰੇ 11 ਵਜੇ ਚੰਡੀਗੜ੍ਹ ਦੇ ਸੈਕਟਰ-17 ਵਿੱਚ ਸਥਿਤ ਭਾਰਤੀ ਰਿਜ਼ਰਵ ਬੈਂਕ (RBI) ਦਫ਼ਤਰ ਦੇ ਨੇੜਿਓਂ ਸ਼ੁਰੂ ਹੋਵੇਗਾ। ਉੱਥੋਂ ਪਾਰਟੀ ਦੇ ਆਗੂ ਤੇ ਸਮਰਥਕ ਇਕੱਠੇ ਹੋ ਕੇ ਸੈਕਟਰ-17 ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰਨਗੇ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਭਰ ਦੇ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਪਾਰਟੀ ਦਾ ਇਹ ਮਾਰਚ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਤੁਰੰਤ ਹਟਾਉਣ, ਉਨ੍ਹਾਂ ਵਿਰੁੱਧ ਐਫਆਈਆਰ (FIR) ਦਰਜ ਕਰਨ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਕਾਂਗਰਸ ਲੀਡਰਸ਼ਿਪ ਦਾ ਦੋਸ਼ ਹੈ ਕਿ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨਾਲ ਸਮਝੌਤਾ ਕੀਤਾ ਜਾ ਰਹਾ ਹੈ, ਜਿਸ ਦੇ ਵਿਰੋਧ ਵਿੱਚ ਪਾਰਟੀ ਵੱਲੋਂ ਇਹ ਤਿੱਖਾ ਰੋਖ ਅਪਣਾਇਆ ਗਿਆ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਵੱਲੋਂ ਸੈਕਟਰ-17 ਅਤੇ ਚੋਣ ਕਮਿਸ਼ਨ ਦਫ਼ਤਰ ਦੇ ਆਸ-ਪਾਸ ਸੁਰੱਖਿਆ ਦੇੜ੍ਹੇ ਕਰ ਦਿੱਤੇ ਗਏ ਹਨ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰਹੇ।
Posted By: Daily Suraj Bureau