ਪਾਰਕਿੰਗ ਵਿਵਾਦ ਨੇ ਲਿਆ ਖੂਨੀ ਰੂਪ, AAP ਆਗੂ ਜੈਪਾਲ ਸਿੰਘ ਬਾਊ ਗੰਭੀਰ ਜ਼ਖ਼ਮੀ
ਅੰਮ੍ਰਿਤਸਰ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਇੱਕ ਸਥਾਨਕ ਆਗੂ ’ਤੇ ਜਾਨਲੇਵਾ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ‘ਆਪ’ ਆਗੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਆਗੂ ਦੀ ਪਛਾਣ ਜੈਪਾਲ ਸਿੰਘ ਬਾਊ ਵਜੋਂ ਹੋਈ ਹੈ, ਜੋ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 42 ਦੇ ਇੰਚਾਰਜ ਹਨ। ਦੱਸਿਆ ਜਾ ਰਿਹਾ ਹੈ ਕਿ ਹਮਲਾ ਉਸ ਵੇਲੇ ਹੋਇਆ ਜਦੋਂ ਉਹ ਆਪਣੇ ਇਲਾਕੇ ਵਿੱਚ ਮੌਜੂਦ ਸਨ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋ ਰਾਊਂਡ ਫਾਇਰ ਕੀਤੇ, ਜੋ ਸਿੱਧੇ ਉਨ੍ਹਾਂ ਨੂੰ ਜਾ ਲੱਗੇ। ਘਟਨਾ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ। ਸੂਚਨਾ ਮਿਲਣ ’ਤੇ ਪੁਲੀਸ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲੀਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗਦਾ ਹੈ। ਜਾਣਕਾਰੀ ਮੁਤਾਬਕ ਕੁਝ ਮਹੀਨੇ ਪਹਿਲਾਂ ਜੈਪਾਲ ਸਿੰਘ ਬਾਊ ਦਾ ਆਪਣੇ ਇੱਕ ਗੁਆਂਢੀ ਨਾਲ ਗੱਡੀ ਦੀ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸੇ ਰੰਜਿਸ਼ ਕਾਰਨ ਹਮਲਾਵਰਾਂ ਨੇ ਉਨ੍ਹਾਂ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕੀਤਾ। ਗੰਭੀਰ ਹਾਲਤ ਵਿੱਚ ਜੈਪਾਲ ਸਿੰਘ ਬਾਊ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤੁਰੰਤ ਐਮਰਜੈਂਸੀ ਸਰਜਰੀ ਸ਼ੁਰੂ ਕਰ ਦਿੱਤੀ। ਫਿਲਹਾਲ ਉਹ ਜ਼ਿੰਦਗੀ ਅਤੇ ਮੌਤ ਵਿਚਕਾਰ ਜੰਗ ਲੜ ਰਹੇ ਹਨ। ਜ਼ਿਕਰਯੋਗ ਹੈ ਕਿ ਜੈਪਾਲ ਸਿੰਘ ਬਾਊ ਨੂੰ ਅੰਮ੍ਰਿਤਸਰ ਦੱਖਣੀ ਹਲਕੇ ਤੋਂ ‘ਆਪ’ ਦੇ ਸੀਨੀਅਰ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੇ ਕਰੀਬੀ ਸਾਥੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਪੁਲੀਸ ਵੱਲੋਂ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Posted By: Daily Suraj Bureau