ਪੰਜਾਬ ਪੁਲਿਸ ਦੀ ਵੱਡੀ ਸਫਲਤਾ, ਇੰਡੋਨੇਸ਼ੀਆ ਤੋਂ ਭਗੌੜਾ ਗੈਂਗਸਟਰ ਜੋਬਨ ਬਿੱਲਾ ਭਾਰਤ ਲਿਆਂਦਾ

ਪੰਜਾਬ ਪੁਲਿਸ ਦੀ ਵੱਡੀ ਸਫਲਤਾ, ਇੰਡੋਨੇਸ਼ੀਆ ਤੋਂ ਭਗੌੜਾ ਗੈਂਗਸਟਰ ਜੋਬਨ ਬਿੱਲਾ ਭਾਰਤ ਲਿਆਂਦਾ

ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਖ਼ਿਲਾਫ਼ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ OFTEC ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਡਿਪੋਰਟ ਕਰਵਾ ਕੇ ਪੰਜਾਬ (ਭਾਰਤ) ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਅਨੁਸਾਰ ਜੋਬਨ ਬਿੱਲਾ ਕਤਲ, ਕਤਲ ਦੀ ਕੋਸ਼ਿਸ਼, ਐਨਡੀਪੀਐਸ (NDPS) ਐਕਟ ਅਤੇ ਅਸਲਾ ਐਕਟ ਸਮੇਤ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਹ ਲੰਬੇ ਸਮੇਂ ਤੋਂ ਵੱਖ-ਵੱਖ ਦੇਸ਼ਾਂ ਵਿੱਚ ਲੁਕ ਕੇ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਜੋਬਨ ਬਿੱਲਾ ਖ਼ਿਲਾਫ਼ ਪੰਜਾਬ ਵਿੱਚ ਚਾਰ ਕਤਲ ਦੇ ਮਾਮਲੇ ਦਰਜ ਹਨ ਅਤੇ ਉਹ ਕਾਫ਼ੀ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ। ਉਸ ਦੀ ਭਾਰਤ ਵਾਪਸੀ ਨੂੰ ਸੰਗਠਿਤ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਕਾਰਵਾਈ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਹ ਪੂਰੀ ਕਾਰਵਾਈ ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ “ਆਪ੍ਰੇਸ਼ਨ ਨੋਮੈਡ ਹੰਟ” ਤਹਿਤ ਅਮਲ ਵਿੱਚ ਲਿਆਂਦੀ ਗਈ। ਕਰੀਬ ਛੇ ਮਹੀਨੇ ਤੱਕ ਚੱਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਲਗਾਤਾਰ ਨਿਗਰਾਨੀ, ਰਣਨੀਤਕ ਖੁਫੀਆ ਜਾਣਕਾਰੀ ਇਕੱਠੀ ਕਰਨ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਤਾਲਮੇਲ ਰਾਹੀਂ ਮੁਲਜ਼ਮ ਦਾ ਟਿਕਾਣਾ ਲੱਭਿਆ ਗਿਆ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਭਾਰਤ ਡਿਪੋਰਟ ਕੀਤਾ ਗਿਆ। ਪੰਜਾਬ ਪੁਲਿਸ ਨੇ ਇਸ ਕਾਰਵਾਈ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਅਪਰਾਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਦੀ ਇੱਕ ਮਹੱਤਵਪੂਰਨ ਪ੍ਰਾਪਤੀ ਕਰਾਰ ਦਿੱਤਾ ਹੈ, ਜਿਸ ਨਾਲ ਵਿਦੇਸ਼ਾਂ ਵਿੱਚ ਲੁਕੇ ਭਗੌੜੇ ਮੁਲਜ਼ਮਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ।