ਸੰਗਰੂਰ ’ਚ ਕਾਂਗਰਸ ਦੀ ‘ਇਨਸਾਫ਼ ਰੈਲੀ’ ਅੱਜ: ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਫੂਕਣਗੇ 2027 ਵਿਧਾਨ ਸਭਾ ਚੋਣਾਂ ਦਾ ਬਿਗਲ
ਕਾਂਗਰਸ ਪਾਰਟੀ ਵੱਲੋਂ ਸੰਗਰੂਰ ਦੇ ਨੇੜਲੇ ਪਿੰਡ ਫੱਗੂਵਾਲਾ ਵਿਖੇ ਬੁੱਧਵਾਰ ਨੂੰ ਆਯੋਜਿਤ ਕੀਤੀ ਜਾ ਰਹੀ ਸੂਬਾ ਪੱਧਰੀ ‘ਇਨਸਾਫ਼ ਰੈਲੀ’ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਪ੍ਰਭਾਵਸ਼ਾਲੀ ਰੈਲੀ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਮੰਚ 'ਤੇ ਮੌਜੂਦ ਰਹੇਗੀ। ਕਾਂਗਰਸੀ ਆਗੂਆਂ ਮੁਤਾਬਕ ਇਹ ਰੈਲੀ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕਰੇਗੀ। ਇਸ ਤੋਂ ਇਲਾਵਾ, ਇਹ ਸਮਾਗਮ ਪੰਜਾਬ ਦੇ ਅਧਿਕਾਰਾਂ, ਇਨਸਾਫ਼ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਦੀ ਆਵਾਜ਼ ਨੂੰ ਰਾਸ਼ਟਰੀ ਪੱਧਰ 'ਤੇ ਮਜ਼ਬੂਤੀ ਨਾਲ ਚੁੱਕਣ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗਾ। ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਅੰਤਿਮ ਛੋਹਾਂ ਦੇਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਆਖਿਆ ਕਿ ਬਦਲਾਅ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਦੇ ਖ਼ਾਤਮੇ ਦੀ ਨੀਂਹ ਇਹ ਵਿਸ਼ਾਲ ਇਕੱਠ ਹੀ ਰੱਖੇਗਾ। ਰੈਲੀ ਦੇ ਮੁੱਖ ਪ੍ਰਬੰਧਕ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਲਗਭਗ 12 ਏਕੜ ਰਕਬੇ ਵਿੱਚ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ। ਸੰਗਤ ਅਤੇ ਵਰਕਰਾਂ ਦੇ ਬੈਠਣ ਲਈ ਪੰਡਾਲ ਵਿੱਚ 25 ਹਜ਼ਾਰ ਕੁਰਸੀਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।