ਕੇਂਦਰੀ ਯੋਜਨਾਵਾਂ ਬਾਰੇ ਕੈਂਪ ਲਾਉਣ ਜਾ ਰਹੇ ਭਾਜਪਾ ਆਗੂ ਹਿਰਾਸਤ ’ਚ ਲਏ
- ਪੰਜਾਬ
- (Asia/Kolkata)
ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਯੋਜਨਾਵਾਂ ਦੀ ਜਾਣਕਾਰੀ ਸਬੰਧੀ ਕੈਂਪ ਲਗਾਉਣ ਜਾ ਰਹੇ ਭਾਜਪਾ ਆਗੂ ਅਤੇ ਕਾਰਕੁਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਅਤੇ ਦੀਨਾਨਗਰ ਤੋਂ ਵਿਧਾਨ ਸਭਾ ਚੋਣ ਲੜ ਚੁੱਕੀ ਰੇਣੂ ਕਸ਼ਯਪ ਵੀ ਸ਼ਾਮਲ ਹਨ। ਇਨ੍ਹਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਰੱਖਿਆ ਗਿਆ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਣ ਨਹੀਂ ਦੇ ਰਹੀ ਅਤੇ ਨਾ ਹੀ ਉਨ੍ਹਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕੇਂਦਰ ਸਰਕਾਰ ਦੀਆਂ ਸਹੂਲਤਾਂ ਤੇ ਯੋਜਨਾਵਾਂ ਦੇ ਕੈਂਪ ਲਗਾਉਣ ਦਾ ਐਲਾਨ ਕੀਤਾ ਗਿਆ ਸੀ।
ਇਸੇ ਤਹਿਤ ਭਾਜਪਾ ਆਗੂ ਅਤੇ ਕਾਰਕੁਨ ਦੀਨਾਨਗਰ ਹਲਕੇ ਵਿੱਚ ਪੈਂਦੇ ਪਿੰਡ ਚੇਚੀਆ ਛੌੜੀਆਂ ਵਿੱਚ ਇੱਕ ਕੈਂਪ ਲਗਾਉਣ ਜਾ ਰਹੇ ਸਨ ਜਦੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਭਾਜਪਾ ਦੇ ਲਗਾਤਾਰ ਵੱਧ ਰਹੇ ਗਰਾਫ਼ ਤੋਂ ਘਬਰਾ ਗਈ ਹੈ ਅਤੇ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਸਿਹਰਾ ਆਪਣੇ ਸਿਰ ਬੰਨ੍ਹਣਾ ਚਾਹੁੰਦੀ ਹੈ, ਜਿਸ ਕਾਰਨ ਭਾਜਪਾ ਆਗੂਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਤਾਨਾਸ਼ਾਹੀ ਕਾਰਵਾਈ ਖ਼ਿਲਾਫ਼ ਭਾਜਪਾ ਵੱਡਾ ਸੰਘਰਸ਼ ਐਲਾਨੇਗੀ।
Leave a Reply