ਅਦਾਲਤ ਵੱਲੋਂ ਦੋ ਦਿਨਾਂ ਦਾ ਰਿਮਾਂਡ ਮਨਜ਼ੂਰ, ਡਿਬਰੂਗੜ੍ਹ ਜੇਲ੍ਹ ’ਚ ਹੀ ਹੋਵੇਗੀ ਪੁੱਛਗਿੱਛ

ਅਦਾਲਤ ਵੱਲੋਂ ਦੋ ਦਿਨਾਂ ਦਾ ਰਿਮਾਂਡ ਮਨਜ਼ੂਰ, ਡਿਬਰੂਗੜ੍ਹ ਜੇਲ੍ਹ ’ਚ ਹੀ ਹੋਵੇਗੀ ਪੁੱਛਗਿੱਛ

ਅਜਨਾਲਾ ਹਿੰਸਾ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਵੀਰਵਾਰ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਉਸ ਦੇ ਵਿਰੁੱਧ ਲਾਗੂ ਕੌਮੀ ਸੁਰੱਖਿਆ ਐਕਟ (NSA) ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਕੀਤੀ ਗਈ। ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਡਿਵੀਜ਼ਨਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ, ਹਥਿਆਰਾਂ ਅਤੇ ਵਾਹਨਾਂ ਦੀ ਬਰਾਮਦਗੀ ਕਰਨ ਅਤੇ ‘ਅਨੰਦਪੁਰ ਖ਼ਾਲਸਾ ਫੋਰਸ’ ਦੀ ਕਥਿਤ ਸਥਾਪਨਾ ਪਿੱਛੇ ਸਾਜ਼ਿਸ਼ ਦੀ ਜਾਂਚ ਲਈ 15 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਅਤੇ ਰਿਤੂਰਾਜ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਰਫ਼ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ। ਅਦਾਲਤ ਦੇ ਹੁਕਮ ਅਨੁਸਾਰ, ਇਸ ਦੌਰਾਨ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਅਤੇ ਪੁਲੀਸ ਉੱਥੇ ਹੀ ਉਸ ਤੋਂ ਪੁੱਛਗਿੱਛ ਕਰੇਗੀ। ਬਚਾਅ ਪੱਖ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਹ ਮਾਮਲਾ ਪਹਿਲਾਂ ਹੀ ਟਰਾਇਲ ਦੇ ਪੜਾਅ ’ਚ ਹੈ ਅਤੇ ਗਵਾਹੀਆਂ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੁਲੀਸ ਨੇ ਉਨ੍ਹਾਂ ਵਾਹਨਾਂ ਦਾ ਕੋਈ ਜ਼ਿਕਰ ਨਹੀਂ ਕੀਤਾ, ਜਿਨ੍ਹਾਂ ਦੀ ਹੁਣ ਮੰਗ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 23 ਅਪ੍ਰੈਲ 2023 ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿੱਚ ਉਸ ਦੇ ਕਈ ਸਾਥੀ ਪਹਿਲਾਂ ਹੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤੇ ਜਾ ਚੁੱਕੇ ਹਨ ਅਤੇ ਟਰਾਇਲ ਦਾ ਸਾਹਮਣਾ ਕਰ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਹਾਈ ਕੋਰਟ ਤੋਂ ਅਨੁਮਤੀ ਮੰਗੀ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਨਾ ਲਿਆਂਦਾ ਜਾਵੇ ਅਤੇ ਉਸ ਦੀ ਗ੍ਰਿਫ਼ਤਾਰੀ ਅਤੇ ਅਦਾਲਤੀ ਕਾਰਵਾਈ ਡਿਬਰੂਗੜ੍ਹ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਹਾਈ ਕੋਰਟ ਨੇ ਸਰਕਾਰ ਦੀ ਇਸ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਇਹ ਕਾਰਵਾਈ ਕੀਤੀ ਗਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨੀਵਾਰ ਨੂੰ ਹੋਵੇਗੀ।