ਫ਼ਰੀਦਕੋਟ ‘ਚ ਅੱਜ ਆਪ ਦੀ ਵੱਡੀ ਰੈਲੀ, CM ਭਗਵੰਤ ਮਾਨ ਕਰਨਗੇ ਸੰਬੋਧਨ
ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿੱਚ ਅੱਜ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ!” ਮੁਹਿੰਮ ਦੇ ਤਹਿਤ ਇੱਕ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ ਜੈਤੋ ਦੀ ਅਨਾਜ ਮੰਡੀ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰਨਗੇ। ਉਹ ਇਸ ਮੌਕੇ ‘ਤੇ ਸਰਕਾਰ ਦੀਆਂ ਪ੍ਰਾਪਤੀਆਂ, ਵਿਕਾਸ ਕਾਰਜਾਂ ਅਤੇ ਭਵਿੱਖ ਲਈ ਤਿਆਰ ਕੀਤੀਆਂ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਨਗੇ। ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜੈਤੋ ਦੇ ਵਿਧਾਇਕ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਇਕ ਮੀਟਿੰਗ ਕਰਕੇ ਸਮਾਗਮ ਨਾਲ ਸੰਬੰਧਿਤ ਸਾਰੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਸੌਂਪੀਆਂ ਗਈਆਂ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ਨੂੰ ਦੇਖਦੇ ਹੋਏ ਸਾਰੇ ਇੰਤਜ਼ਾਮ ਸੁਚਾਰੂ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੈਤੋ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਦਾਣਾ ਮੰਡੀ ਵਿੱਚ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ।
Posted By: Daily Suraj Bureau