Daily Suraj

ਪੰਜਾਬੀ

ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ, 30 ਅਪਰੈਲ ਨੂੰ ਅਗਲੀ ਸੁਣਵਾਈ

25 Apr, 2026 05:08 PM

ਅਜਨਾਲਾ ਥਾਣਾ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਦਾਲਤ ਨੇ ਪੰਜ ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਉਸ ਵੇਲੇ ਆਇਆ ਜਦੋਂ ਉਨ੍ਹਾਂ ਦਾ ਦੋ ਦਿਨਾਂ ਦਾ ਪੁਲੀਸ ਰਿਮਾਂਡ ਸਮਾਪਤ ਹੋ ਗਿਆ। ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਦੀ ਸਬ-ਡਵੀਜ਼ਨਲ ਅਦਾਲਤ ਵਿੱਚ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਜਾਣਕਾਰੀ ਦਿੱਤੀ ਕਿ ਪੁਲੀਸ ਵੱਲੋਂ ਰਿਮਾਂਡ ਵਿੱਚ ਵਾਧੇ ਦੀ ਕੋਈ ਮੰਗ ਨਹੀਂ ਕੀਤੀ ਗਈ, ਜਿਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ। ਅਦਾਲਤ ਦੇ ਹੁਕਮਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਮੁੜ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜਿਆ ਜਾਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪਰੈਲ ਨੂੰ ਨਿਰਧਾਰਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਫਰਵਰੀ 2023 ਵਿੱਚ ਵਾਪਰੀ ਇਸ ਘਟਨਾ ਦੌਰਾਨ ਵਰਤੇ ਗਏ ਹਥਿਆਰਾਂ ਅਤੇ ਵਾਹਨਾਂ ਦੀ ਬਰਾਮਦਗੀ ਲਈ 15 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਪੁਲੀਸ ਉਸ ਵਾਹਨ ਨੂੰ ਵੀ ਕਬਜ਼ੇ ਵਿੱਚ ਲੈਣਾ ਚਾਹੁੰਦੀ ਸੀ ਜਿਸ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਥਾਣੇ ਤੱਕ ਲਿਆਂਦਾ ਗਿਆ ਸੀ। ਹਾਲਾਂਕਿ, ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਸਿਰਫ਼ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ ਸੀ, ਜੋ ਅੱਜ ਖ਼ਤਮ ਹੋ ਗਿਆ। ਇਸ ਤੋਂ ਬਾਅਦ ਅਦਾਲਤ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦਾ ਫੈਸਲਾ ਕੀਤਾ।

Posted By: Daily Suraj Bureau

Latest News