Daily Suraj

ਪੰਜਾਬੀ

ਜਥੇਦਾਰ ਗੜਗੱਜ ਨੇ ਪੁਣਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

07 May, 2025 08:40 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੁਣਛ ਖੇਤਰ ਵਿਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਵਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿਚ ਪਾਕਿਸਤਾਨ ਵਲੋਂ ਪੁਣਛ ਵਿਖੇ ਕੀਤੀ ਗਈ ਗੋਲਾਬਾਰੀ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ, ਇਸ ਦੌਰਾਨ ਤਿੰਨ ਗੁਰਸਿੱਖ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਭਾਈ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ। 

ਇਸ ਤੋਂ ਇਲਾਵਾ ਮਾਨਕੋਟ ਖੇਤਰ ਵਿਚ ਇਕ ਸਿੱਖ ਬੀਬੀ ਰੂਬੀ ਕੌਰ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਇਸ ਦੌਰਾਨ ਪੁਣਛ ਵਿਖੇ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਜਥੇਦਾਰ ਗੜਗੱਜ ਨੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ। ਜਥੇਦਾਰ ਗੜਗੱਜ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। 

ਉਨ੍ਹਾਂ ਕਿਹਾ ਕਿ ਜੰਗ ਹਮੇਸ਼ਾ ਹੀ ਮਨੁੱਖਤਾ ਦਾ ਵੱਡਾ ਘਾਣ ਕਰਦੀ ਹੈ, ਜਿਸ ਵਿਚ ਬੇਗੁਨਾਹ ਲੋਕ ਵੀ ਵੱਡੀ ਗਿਣਤੀ ਵਿਚ ਮਾਰੇ ਜਾਂਦੇ ਹਨ। ਇਸ ਲਈ ਮੌਜੂਦਾ ਸਥਿਤੀ ਨੂੰ ਸ਼ਾਂਤੀਪੂਰਵਕ ਕਰਨ ਲਈ ਵੱਧ ਤੋਂ ਵੱਧ ਯਤਨ ਹੋਣੇ ਚਾਹੀਦੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਬਾਰਡਰ ਉੱਤੇ ਵੱਸਦੇ ਲੋਕ ਇਸ ਤਣਾਅ ਵਾਲੀ ਸਥਿਤੀ ਵਿਚ ਇਕ ਦੂਜੇ ਦਾ ਸਾਥ ਦੇਣ ਅਤੇ ਗੁਰਬਾਣੀ ਦਾ ਓਟ ਆਸਰਾ ਲੈ ਕੇ ਹੌਂਸਲਾ ਬਣਾਈ ਰੱਖਣ।

#PoonchAttack #JathedarGargaj #PakistanCondemned #GurdwaraAttack #HumanRightsViolation #KashmirNews #IndiaPakistan #ReligiousFreedom #SikhCommunity #PeaceAndJustice

Posted By: Daily Suraj Bureau

Latest News