ਪੁਲਿਸ ਐਨਕਾਊਂਟਰ ਮਾਮਲੇ ’ਚ ਅਦਾਲਤੀ ਕਾਰਵਾਈ ਤੇਜ਼, ਦੋ ਹੋਰ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ
ਗੁਰਦਾਸਪੁਰ ਵਿੱਚ 19 ਸਾਲਾ ਰਣਜੀਤ ਸਿੰਘ ਦੀ ਪੁਲਿਸ ਮੁਕਾਬਲੇ ਦੌਰਾਨ ਹੋਈ ਮੌਤ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮਹੱਤਵਪੂਰਨ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਖ਼ਲ ਕੀਤੀ ਗਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 24 ਮਾਰਚ ਦੀ ਤਾਰੀਖ਼ ਨਿਰਧਾਰਤ ਕੀਤੀ ਹੈ। ਜਾਣਕਾਰੀ ਅਨੁਸਾਰ, ਇਹ ਮਾਮਲਾ ਗੁਰਦਾਸਪੁਰ ਦੇ ਆਦੀਆ ਪੁਲਿਸ ਚੌਂਕੀ ਨਾਲ ਸੰਬੰਧਿਤ ਹੈ, ਜਿੱਥੇ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੇ ਕਤਲ ਦੇ ਦੋਸ਼ਾਂ ਹੇਠ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਪੁਲਿਸ ਮੁਤਾਬਕ, ਰਣਜੀਤ ਸਿੰਘ ਨੇ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਉਸ ਦੀ ਮੌਤ ਹੋ ਗਈ। ਇਸ ਕੇਸ ਵਿੱਚ ਪੁਲਿਸ ਨੇ ਦੋ ਹੋਰ ਮੁਲਜ਼ਮਾਂ, ਦਿਲਾਵਰ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੋਇਆ ਹੈ। ਮਾਮਲੇ ਦੀ ਜਾਂਚ ਅਤੇ ਅਦਾਲਤੀ ਕਾਰਵਾਈ ਜਾਰੀ ਹੈ, ਜਿਸ ’ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
Posted By: Daily Suraj Bureau