ਜਲੰਧਰ ਵਿੱਚ ਡਾਕਟਰ ਦੇ ਘਰ ਫਾਇਰਿੰਗ ਮਾਮਲਾ: ਦੋ ਮੁਲਜ਼ਮ ਗ੍ਰਿਫ਼ਤਾਰ
- ਜਲੰਧਰ
- (Asia/Kolkata)
ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿੱਚ ਸਰਕਾਰੀ ਵੈਟਰਨਰੀ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਕਮਿਸ਼ਨਰੇਟ ਪੁਲੀਸ ਨੇ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਡਾਕਟਰ ਦੇ ਘਰ ਅਤੇ ਕਾਰ ਉੱਤੇ ਫਾਇਰਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਸੀ। ਪੁਲੀਸ ਨੇ ਮੁਸਤੈਦੀ ਨਾਲ ਜਾਂਚ ਕਰਦਿਆਂ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਵਡਾਲਾ ਜੌਹਲ ਥਾਣਾ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਅਤੇ ਲਵਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਬਡਾਲਾ ਜੌਹਰ, ਥਾਣਾ ਜੰਡਿਆਲਾ ਗੁਰੂ, ਅੰਮ੍ਰਿਤਸਰ ਨੂੰ ਕਾਬੂ ਕੀਤਾ ਹੈ। ਪੁਲੀਸ ਮੁਤਾਬਕ ਦੋਸ਼ੀਆਂ ਕੋਲੋਂ ਦੋ ਪਿਸਟਲ ਸਮੇਤ ਮੈਗਜ਼ੀਨ, ਪੰਜ ਰੋਂਦ .32 ਬੋਰ, ਇੱਕ ਰੌਂਦ .30 ਬੋਰ, ਇੱਕ ਮੈਗਜ਼ੀਨ .30 ਬੋਰ, ਵਾਰਦਾਤ ਵਿੱਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਅਤੇ ਵਾਰਦਾਤ ਸਮੇਂ ਪਹਿਨੇ ਹੋਏ ਕੱਪੜੇ ਵੀ ਬਰਾਮਦ ਕੀਤੇ ਗਏ ਹਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਹੋਰ ਸੰਭਾਵਿਤ ਵਾਰਦਾਤਾਂ ਅਤੇ ਬਰਾਮਦ ਹਥਿਆਰਾਂ ਬਾਰੇ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਥਿਤੀ ਪੂਰੀ ਤਰ੍ਹਾਂ ਪੁਲੀਸ ਦੇ ਕੰਟਰੋਲ ਵਿੱਚ ਹੈ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲੀਸ ਵਚਨਬੱਧ ਹੈ।
Leave a Reply