ਗੁਰਦੁਆਰੇ ਬਾਹਰ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ, ਸਿੱਖ ਆਗੂ ਨੇ ਮੰਗੀ ਮੁਆਫ਼ੀ

ਗੁਰਦੁਆਰੇ ਬਾਹਰ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ, ਸਿੱਖ ਆਗੂ ਨੇ ਮੰਗੀ ਮੁਆਫ਼ੀ

ਅਮਰੀਕਾ ਦੇ ਨਿਊਯਾਰਕ ਸਥਿਤ ਰਿਚਮੰਡ ਹਿੱਲ ਦੇ ਸਿੱਖ ਕਲਚਰਲ ਸੁਸਾਇਟੀ ਗੁਰਦੁਆਰੇ ਵਿੱਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਜਸ਼ਨਾਂ ਦੌਰਾਨ ਗ਼ੈਰ-ਕਾਨੂੰਨੀ ਆਤਿਸ਼ਬਾਜ਼ੀ ਅਤੇ ਹੁੱਲੜਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਕਈ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕੁਝ ਨੌਜਵਾਨਾਂ ਕੋਲੋਂ ਗ਼ੈਰ-ਕਾਨੂੰਨੀ ਹਥਿਆਰ ਮਿਲਣ ਦੀ ਵੀ ਖ਼ਬਰ ਹੈ। ਹੰਗਾਮੇ ਦੌਰਾਨ ਇੱਕ ਪੁਲੀਸ ਅਧਿਕਾਰੀ ਜ਼ਖ਼ਮੀ ਹੋ ਗਿਆ।
 

ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਦੇ ਆਗੂਆਂ ਨੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਨਾ ਸਿਰਫ਼ ਹੁੱਲੜਬਾਜ਼ੀ ਅਤੇ ਕਾਨੂੰਨ ਦੀ ਉਲੰਘਣਾ ਦੀ ਨਿਖੇਧੀ ਕੀਤੀ, ਸਗੋਂ ਜ਼ਖ਼ਮੀ ਪੁਲੀਸ ਅਧਿਕਾਰੀ ਤੋਂ ਮੁਆਫ਼ੀ ਵੀ ਮੰਗੀ ਹੈ। ਯੂਕੇ, ਕੈਨੇਡਾ ਅਤੇ ਅਮਰੀਕਾ ਵਿੱਚ ਦੀਵਾਲੀ ਦੇ ਜਸ਼ਨਾਂ ਦੌਰਾਨ ਮੰਦਰਾਂ ਅਤੇ ਗੁਰਦੁਆਰਿਆਂ ਦੇ ਬਾਹਰ ਆਤਿਸ਼ਬਾਜ਼ੀ ਕਰਨ ਅਤੇ ਇਸ ਕਾਰਨ ਫੈਲਣ ਵਾਲੇ ਕੂੜੇ-ਕਰਕਟ ਨੂੰ ਲੈ ਕੇ ਵੀ ਭਾਈਚਾਰੇ ਵਿੱਚ ਚਿੰਤਾ ਵਧ ਰਹੀ ਹੈ।
 

ਸਿੱਖ ਕਲਚਰਲ ਸੁਸਾਇਟੀ ਇੰਕ., ਰਿਚਮੰਡ ਹਿੱਲ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਨੇ ਘਟਨਾ ਦੌਰਾਨ ਜ਼ਖ਼ਮੀ ਹੋਏ ਪੁਲੀਸ ਅਧਿਕਾਰੀ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਦਿਆਂ ਕਿਹਾ ਕਿ ਕੁਝ ਗ਼ੈਰ-ਜ਼ਿੰਮੇਵਾਰ ਵਿਅਕਤੀਆਂ ਦੀਆਂ ਹਰਕਤਾਂ ਕਾਰਨ ਪੂਰੇ ਭਾਈਚਾਰੇ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
 

ਉਨ੍ਹਾਂ ਦੱਸਿਆ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਹਜ਼ਾਰਾਂ ਸ਼ਰਧਾਲੂ ਗੁਰਦੁਆਰੇ ਵਿੱਚ ਮੱਥਾ ਟੇਕਣ ਪਹੁੰਚੇ ਸਨ, ਪਰ ਕੁਝ ਸ਼ਰਾਰਤੀ ਅਨਸਰਾਂ ਨੇ ਜਸ਼ਨਾਂ ਦਾ ਮਾਹੌਲ ਖ਼ਰਾਬ ਕਰ ਦਿੱਤਾ। ਉਨ੍ਹਾਂ ਮੁਤਾਬਕ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸ਼ਾਸਨ ਨਾਲ ਸਹਿਮਤੀ ਬਣਾਈ ਸੀ ਕਿ ਸਮਾਗਮ ਦੌਰਾਨ ਆਤਿਸ਼ਬਾਜ਼ੀ ਨਹੀਂ ਕੀਤੀ ਜਾਵੇਗੀ। ਇਸ ਦੇ ਬਾਵਜੂਦ ਕੁਝ ਨੌਜਵਾਨਾਂ ਨੇ ਜਾਣਬੁੱਝ ਕੇ ਨਿਯਮਾਂ ਦੀ ਉਲੰਘਣਾ ਕੀਤੀ।
 

ਜਤਿੰਦਰ ਸਿੰਘ ਨੇ ਕਿਹਾ ਕਿ ਜੇਕਰ ਅਜਿਹੀ ਘਟਨਾ ਭਾਰਤ ਵਿੱਚ ਵਾਪਰੀ ਹੁੰਦੀ ਤਾਂ ਪੁਲੀਸ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦੀ। ਹਾਲਾਂਕਿ, ਉਨ੍ਹਾਂ ਮੁਤਾਬਕ ਅਮਰੀਕੀ ਪੁਲੀਸ ਨੇ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਸਥਿਤੀ ਨੂੰ ਕਾਬੂ ਕੀਤਾ। ਉਨ੍ਹਾਂ ਨੇ ਇਸ ਘਟਨਾ ਕਾਰਨ ਪਰਵਾਸੀ ਭਾਈਚਾਰੇ ਨਾਲ ਸਬੰਧਤ ਪੁਲੀਸ ਮੁਲਾਜ਼ਮਾਂ ਨੂੰ ਹੋਈ ਸ਼ਰਮਿੰਦਗੀ 'ਤੇ ਵੀ ਦੁੱਖ ਪ੍ਰਗਟਾਇਆ।
 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਪੰਜਾਬੀ ਅਤੇ ਭਾਰਤੀ ਪਰਵਾਸੀ ਭਾਈਚਾਰੇ ਦਾ ਅਕਸ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਰਿਚਮੰਡ ਹਿੱਲ ਦੇ ਚਾਰੋਂ ਗੁਰਦੁਆਰਿਆਂ ਵਿੱਚ ਇਸੇ ਤਰ੍ਹਾਂ ਦੀ ਹੁੱਲੜਬਾਜ਼ੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਹਰਕਤਾਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
 

ਪ੍ਰਧਾਨ ਨੇ ਕਿਹਾ ਕਿ ਜਿਸ ਦੇਸ਼ ਵਿੱਚ ਵੀ ਕੋਈ ਵਿਅਕਤੀ ਰਹਿੰਦਾ ਹੈ, ਉਸ ਨੂੰ ਉੱਥੋਂ ਦੇ ਕਾਨੂੰਨਾਂ ਅਤੇ ਨਿਯਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਥੇ ਵੱਡੀ ਗਿਣਤੀ ਵਿੱਚ ਵਸਣ ਦਾ ਮਤਲਬ ਇਹ ਨਹੀਂ ਕਿ ਕਿਸੇ ਨੂੰ ਕਾਨੂੰਨ ਤੋੜਨ ਦਾ ਅਧਿਕਾਰ ਮਿਲ ਜਾਂਦਾ ਹੈ। ਕੁਝ ਲੋਕਾਂ ਦੀ ਗ਼ੈਰ-ਜ਼ਿੰਮੇਵਾਰਾਨਾ ਹਰਕਤ ਪੂਰੇ ਭਾਈਚਾਰੇ ਦੀ ਪਛਾਣ ਨੂੰ ਨੁਕਸਾਨ ਪਹੁੰਚਾ ਸਕਦੀ ਹੈ ਅਤੇ ਪਰਵਾਸੀ ਭਾਈਚਾਰੇ ਦੇ ਹੋਰਨਾਂ ਲੋਕਾਂ ਲਈ ਤਰੱਕੀ ਦੇ ਮੌਕੇ ਵੀ ਪ੍ਰਭਾਵਿਤ ਕਰ ਸਕਦੀ ਹੈ।
 

ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਦੇ ਵਿਵਹਾਰ ਦੀ ਇੱਕ ਹੋਰ ਮਿਸਾਲ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ ਤਾਂ ਇੱਕ ਨੌਜਵਾਨ ਨੇ ਆਪਣੇ ਮੋਟਰਸਾਈਕਲ ਦੀ ਉੱਚੀ ਆਵਾਜ਼ ਕੱਢੀ ਅਤੇ ਤੇਜ਼ ਰਫ਼ਤਾਰ ਨਾਲ ਉੱਥੋਂ ਲੰਘ ਗਿਆ। ਇਸ 'ਤੇ ਉਨ੍ਹਾਂ ਨੇ ਟਿੱਪਣੀ ਕੀਤੀ ਕਿ ਨੌਜਵਾਨ ਪੀੜ੍ਹੀ ਭਾਈਚਾਰੇ ਦੇ ਆਗੂਆਂ ਦੀਆਂ ਅਪੀਲਾਂ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੀ ਹੈ, ਇਹ ਇਸ ਘਟਨਾ ਤੋਂ ਸਪੱਸ਼ਟ ਹੁੰਦਾ ਹੈ।
 

ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਦਿਆਂ ਫੜੇ ਜਾਣ ਵਾਲੇ ਕੁਝ ਲੋਕ ਬਾਅਦ ਵਿੱਚ ਭਾਈਚਾਰੇ ਦੇ ਆਗੂਆਂ ਕੋਲ ਪਹੁੰਚ ਕੇ ਪੁਲੀਸ ਜਾਂ ਪ੍ਰਸ਼ਾਸਨ ਕੋਲ ਉਨ੍ਹਾਂ ਦੀ ਮਦਦ ਕਰਨ ਦੀ ਮੰਗ ਕਰਦੇ ਹਨ। ਜਤਿੰਦਰ ਸਿੰਘ ਨੇ ਕੈਲੀਫੋਰਨੀਆ ਦੇ ਯੂਬਾ ਸਿਟੀ ਵਿੱਚ ਨਗਰ ਕੀਰਤਨ ਦੌਰਾਨ ਹੋਈ ਗੋਲੀਬਾਰੀ ਅਤੇ ਤਲਵਾਰਬਾਜ਼ੀ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਈਚਾਰੇ ਦੀ ਸਾਖ਼ ਨੂੰ ਹੋਰ ਨੁਕਸਾਨ ਪਹੁੰਚਾਉਂਦੀਆਂ ਹਨ।
 

ਉਨ੍ਹਾਂ ਚਿਤਾਵਨੀ ਦਿੱਤੀ ਕਿ ਕੁਝ ਵਿਅਕਤੀਆਂ ਦੀਆਂ ਗ਼ੈਰ-ਜ਼ਿੰਮੇਵਾਰਾਨਾ ਹਰਕਤਾਂ ਦਾ ਖ਼ਮਿਆਜ਼ਾ ਪੂਰੇ ਪਰਵਾਸੀ ਭਾਈਚਾਰੇ ਨੂੰ ਭੁਗਤਣਾ ਪੈ ਸਕਦਾ ਹੈ। ਜਦੋਂ ਆਤਿਸ਼ਬਾਜ਼ੀ ਕਰਨ 'ਤੇ ਪਾਬੰਦੀ ਸੀ ਤਾਂ ਨੌਜਵਾਨਾਂ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਸੀ, ਨਾ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਾ ਚਾਹੀਦਾ ਸੀ।
 

ਇਸ ਘਟਨਾ ਨੇ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਤਿਉਹਾਰਾਂ ਦੌਰਾਨ ਗ਼ੈਰ-ਕਾਨੂੰਨੀ ਆਤਿਸ਼ਬਾਜ਼ੀ ਅਤੇ ਹੁੱਲੜਬਾਜ਼ੀ ਦੀਆਂ ਘਟਨਾਵਾਂ ਨੂੰ ਲੈ ਕੇ ਚਿੰਤਾਵਾਂ ਮੁੜ ਵਧਾ ਦਿੱਤੀਆਂ ਹਨ। ਨਾਲ ਹੀ ਜਨਤਕ ਸੁਰੱਖਿਆ, ਕਾਨੂੰਨੀ ਪਾਬੰਦੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਅਨੁਸ਼ਾਸਨ ਬਣਾਈ ਰੱਖਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।