ਗੈਂਗਸਟਰ ਗੋਲਡੀ ਬਰਾੜ ਨੂੰ FBI ਨੇ ਕੀਤਾ ਵਾਂਟੇਡ ਘੋਸ਼ਿਤ, ਸੂਚਨਾ ਦੇਣ ਵਾਲੇ ਲਈ ਇਨਾਮ
ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਭਾਰਤੀ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੂੰ ਵਾਂਟੇਡ ਘੋਸ਼ਿਤ ਕਰ ਦਿੱਤਾ ਹੈ। ਏਜੰਸੀ ਨੇ ਉਸ ਦੀ ਗ੍ਰਿਫ਼ਤਾਰੀ ਜਾਂ ਉਸ ਤੱਕ ਪਹੁੰਚਣ ਵਿੱਚ ਮਦਦਗਾਰ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਲਈ 50 ਹਜ਼ਾਰ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ। FBI ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਲੋਕਾਂ ਤੋਂ ਸੂਚਨਾ ਮੰਗੀ ਗਈ ਹੈ। ਏਜੰਸੀ ਨੇ ਕਿਹਾ ਹੈ ਕਿ ਉਸ ਬਾਰੇ ਭਰੋਸੇਯੋਗ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਨੂੰ ਐਲਾਨੀ ਗਈ ਇਨਾਮੀ ਰਕਮ ਦਿੱਤੀ ਜਾਵੇਗੀ। ਗੋਲਡੀ ਬਰਾੜ ਦਾ ਨਾਮ ਕਈ ਗੰਭੀਰ ਅਪਰਾਧਿਕ ਮਾਮਲਿਆਂ ਨਾਲ ਜੋੜਿਆ ਜਾਂਦਾ ਰਿਹਾ ਹੈ ਅਤੇ ਉਹ ਭਾਰਤੀ ਜਾਂਚ ਏਜੰਸੀਆਂ ਦੀ ਮੋਸਟ ਵਾਂਟੇਡ ਸੂਚੀ ਵਿੱਚ ਵੀ ਸ਼ਾਮਲ ਹੈ। ਹੁਣ FBI ਵੱਲੋਂ ਵੀ ਉਸ ਨੂੰ ਵਾਂਟੇਡ ਐਲਾਨ ਕਰਦੇ ਹੋਏ ਇਨਾਮ ਰੱਖਣਾ ਇੱਕ ਮਹੱਤਵਪੂਰਨ ਕਾਰਵਾਈ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅਮਰੀਕੀ ਏਜੰਸੀਆਂ ਨੇ ਭਾਰਤ ਨਾਲ ਜੁੜੇ ਸੰਗਠਿਤ ਅਪਰਾਧਿਕ ਗਰੁੱਪਾਂ ਨਾਲ ਕਥਿਤ ਸਬੰਧ ਰੱਖਣ ਵਾਲੇ 24 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਖ਼ਿਲਾਫ਼ ਕਤਲ, ਜਬਰੀ ਵਸੂਲੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਦੋਸ਼ ਲਗਾਏ ਗਏ ਹਨ। ਇਨ੍ਹਾਂ ਸ਼ੱਕੀਆਂ ਵਿੱਚ 2023 ਦੌਰਾਨ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਨਾਲ ਜੁੜੇ ਵਿਅਕਤੀਆਂ ਨੂੰ ਵੀ ਸ਼ਾਮਲ ਦੱਸਿਆ ਗਿਆ ਹੈ। ਅਮਰੀਕੀ ਨਿਆਂ ਵਿਭਾਗ ਦੇ ਅਨੁਸਾਰ, ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ 'ਤੇ ਨਿੱਝਰ ਹੱਤਿਆ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ। ਅਮਰੀਕੀ ਸੰਘੀ ਵਕੀਲਾਂ ਨੇ ਦੱਸਿਆ ਕਿ ਅਮਰੀਕਾ, ਕੈਨੇਡਾ ਅਤੇ ਯੂਰਪ ਵਿੱਚ ਚਲਾਏ ਗਏ 'ਆਪ੍ਰੇਸ਼ਨ ਹਾਰਡਬਾਲ' ਦੇ ਤਹਿਤ ਇਹ ਵੱਡੀ ਕਾਰਵਾਈ ਕੀਤੀ ਗਈ ਹੈ।
Posted By: Daily Suraj Bureau