ਸੈਕਟਰ-34 ਰੈਲੀ ਲਈ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਧਨੇਰ) ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿੱਚ ਕੀਤੀ ਜਾ ਰਹੀ ਰੈਲੀ ਅਤੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਸ਼ੁੱਕਰਵਾਰ ਸਵੇਰੇ ਹੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਦੇ ਕਾਫ਼ਲੇ ਚੰਡੀਗੜ੍ਹ ਵੱਲ ਰਵਾਨਾ ਹੋ ਗਏ। ਇਨ੍ਹਾਂ ਕਾਫ਼ਲਿਆਂ ਵਿੱਚ ਕਿਸਾਨਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਨੌਜਵਾਨਾਂ, ਔਰਤਾਂ ਅਤੇ ਮਜ਼ਦੂਰਾਂ ਦੀ ਵੀ ਸ਼ਮੂਲੀਅਤ ਵੇਖਣ ਨੂੰ ਮਿਲ ਰਹੀ ਹੈ। ਰੈਲੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੇ ਪਹਿਲਾਂ ਹੀ ਆਪਣੇ ਸਫ਼ਰ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਸਨ। ਜਾਣਕਾਰੀ ਅਨੁਸਾਰ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਾਫ਼ਲੇ ਬੱਸਾਂ, ਵੈਨਾਂ ਅਤੇ ਆਪਣੇ ਹੋਰ ਵਾਹਨਾਂ ਰਾਹੀਂ ਸਵੇਰੇ ਤੜਕੇ ਚੰਡੀਗੜ੍ਹ ਲਈ ਰਵਾਨਾ ਹੋਏ। ਯਾਤਰਾ ਦੌਰਾਨ ਲੰਗਰ ਪ੍ਰਸ਼ਾਦ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਪਹਿਲਾਂ ਤੋਂ ਪ੍ਰਬੰਧ ਕੀਤਾ ਗਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮਾਨਸਾ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਅੱਜ ਦੀ ਰੈਲੀ ਨੂੰ ਲੈ ਕੇ ਕਿਸਾਨਾਂ, ਔਰਤਾਂ, ਮਜ਼ਦੂਰਾਂ ਅਤੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਇਹ ਰੈਲੀ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਸਮਝੌਤੇ ਦੇ ਵਿਰੋਧ ਦੇ ਨਾਲ-ਨਾਲ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਸੂਬੇ ਨਾਲ ਜੁੜੀਆਂ ਦਰਜਨਾਂ ਹੋਰ ਅਹਿਮ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੈਲੀ ਸਮਾਪਤ ਹੋਣ ਤੋਂ ਬਾਅਦ ਜਥੇਬੰਦੀ ਦੀ ਸੂਬਾਈ ਟੀਮ ਅੰਦੋਲਨ ਦੇ ਅਗਲੇ ਪੜਾਅ ਨੂੰ ਲੈ ਕੇ ਕੋਈ ਨਵਾਂ ਐਲਾਨ ਕਰ ਸਕਦੀ ਹੈ।
Posted By: Daily Suraj Bureau