ਮੁੱਖ ਮੰਤਰੀ ਦੀ ਅਗਵਾਈ ਹੇਠ Punjab ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ
- ਪੰਜਾਬ
- 10 Jul,2025

ਚੰਡੀਗੜ੍ਹ, 10 ਜੁਲਾਈ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ Punjab ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ।
ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।
ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਪੰਜਾਬ ਨੇ ਬਾਕੀ ਦੇਸ਼ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਨਾਗਰਿਕਾਂ ਨੂੰ ਸਿਹਤ ਸੰਭਾਲ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ।
ਗੁਰੂ ਸਾਹਿਬਾਨ ਵੱਲੋਂ ਦਰਸਾਏ ‘ਸਰਬੱਤ ਦੇ ਭਲੇ’ ਦੇ ਸਿਧਾਂਤ ਉੱਤੇ ਚੱਲਦਿਆਂ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸ ਸਕੀਮ ਅਧੀਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦਾ ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਇਸ ਲਈ ਆਮਦਨ ਦੀ ਕੋਈ ਹੱਦ ਨਹੀਂ ਹੈ। ਪਹਿਲਾਂ ਆਮਦਨ ਹੱਦ ਦਾ ਮਾਪਦੰਡ ਹੋਣ ਕਾਰਨ ਸਿਰਫ਼ ਚੋਣਵੇਂ ਪਰਿਵਾਰਾਂ ਨੂੰ ਹੀ ਇਸ ਸਕੀਮ ਅਧੀਨ ਲਾਭ ਮਿਲਦਾ ਸੀ ਪਰ ਹੁਣ ਸਾਰੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।
ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।
*ਨਿਵੇਸ਼ਕਾਂ ਨੂੰ ਵੱਡੀ ਰਾਹਤ*
ਨਿਵੇਸ਼ਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 4 ਜੂਨ, 2025 ਤੋਂ ਪਾਪੂਲਰ ਐਕਟ ਜਾਂ ਮੈਗਾ ਪ੍ਰਾਜੈਕਟ ਨੀਤੀ ਅਧੀਨ ਵਿਕਸਤ ਕੀਤੇ ਗਏ ਪ੍ਰਾਜੈਕਟਾਂ ਤੋਂ ਸੀ.ਐਲ.ਯੂ., ਈ.ਡੀ.ਸੀ., ਐਲ.ਐਫ. ਅਤੇ ਹੋਰ ਖਰਚੇ ਵਸੂਲਣ ਲਈ ਨੋਟੀਫਿਕੇਸ਼ਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਇਹ ਚਾਰਜ 04 ਜੂਨ 2025 ਦੀ ਵਿਆਪਕ ਨੋਟੀਫਿਕੇਸ਼ਨ ਰਾਹੀਂ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਾਰੇ ਨਵੇਂ ਰੀਅਲ ਅਸਟੇਟ ਪ੍ਰਾਜੈਕਟਾਂ ਅਤੇ ਪਹਿਲੀ ਅਪ੍ਰੈਲ, 2025 ਤੋਂ ਚੱਲ ਰਹੇ ਪ੍ਰਾਜੈਕਟਾਂ ਦੀਆਂ ਨਵੀਆਂ ਐਕਸਟੈਂਸ਼ਨਾਂ ‘ਤੇ ਲਾਗੂ ਕੀਤੇ ਗਏ ਸਨ। ਹੁਣ ਮੰਤਰੀ ਮੰਡਲ ਨੇ ਇਸ ਨੋਟੀਫਿਕੇਸ਼ਨ ਨੂੰ 04 ਜੂਨ 2025 ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਹ ਨਿਰਧਾਰਤ ਕੀਤਾ ਗਿਆ ਹੈ ਕਿ 04 ਜੂਨ 2025 ਤੱਕ ਜਮ੍ਹਾਂ ਕੀਤੇ ਗਏ ਪ੍ਰਾਜੈਕਟਾਂ ਤੋਂ ਪਿਛਲੀ ਨੀਤੀ ਅਨੁਸਾਰ ਚਾਰਜ ਲਏ ਜਾਣਗੇ ਅਤੇ 04 ਜੂਨ 2025 ਤੋਂ ਬਾਅਦ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਤੋਂ ਨਵੀਆਂ ਦਰਾਂ ਲਈਆਂ ਜਾਣਗੀਆਂ, ਜੋ 04 ਜੂਨ 2025 ਤੋਂ ਲਾਗੂ ਹੋਣਗੀਆਂ।
Posted By:

Leave a Reply