ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ ਲੱਗੇ ‘ਰਾਜਾ-ਬਘੇਲ ਹਟਾਓ, ਕਾਂਗਰਸ ਬਚਾਓ’ ਦੇ ਪੋਸਟਰ, ਸਿਆਸੀ ਹਲਚਲ ਤੇਜ਼
- ਪੰਜਾਬ
- (Asia/Kolkata)
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੇ ਸ੍ਰੀ ਮੁਕਤਸਰ ਸਾਹਿਬ ਦੌਰੇ ਤੋਂ ਪਹਿਲਾਂ ਸ਼ਹਿਰ ਵਿੱਚ ਉਨ੍ਹਾਂ ਦੇ ਵਿਰੋਧ ਵਿੱਚ ਪੋਸਟਰ ਲੱਗਣ ਨਾਲ ਸਿਆਸੀ ਮਾਹੌਲ ਗਰਮਾ ਗਿਆ। ਸ੍ਰੀ ਮੁਕਤਸਰ ਸਾਹਿਬ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਗ੍ਰਹਿ ਜ਼ਿਲ੍ਹਾ ਹੈ, ਜਿਸ ਕਾਰਨ ਇਸ ਘਟਨਾਕ੍ਰਮ ਨੂੰ ਖਾਸ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਗੇ ਪੋਸਟਰਾਂ 'ਤੇ ‘ਰਾਜਾ-ਬਘੇਲ ਹਟਾਓ, ਕਾਂਗਰਸ ਬਚਾਓ’ ਅਤੇ ‘ਭੂਪੇਸ਼ ਬਘੇਲ ਗੋ ਬੈਕ’ ਵਰਗੇ ਨਾਅਰੇ ਲਿਖੇ ਹੋਏ ਸਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਸਮਰਥਨ ਵਿੱਚ ਵੀ ਕਈ ਥਾਵਾਂ 'ਤੇ ਫਲੇਕਸ ਲਗਾਏ ਗਏ। ਇਨ੍ਹਾਂ ਪੋਸਟਰਾਂ 'ਤੇ “ਰਾਹੁਲ ਗਾਂਧੀ ਜੀ ਸੁਣੋ ਪੰਜਾਬੀਆਂ ਦੀ ਪੁਕਾਰ, ਲਿਆਓ ਚੰਨੀ ਬਣਾਈਏ ਕਾਂਗਰਸ ਸਰਕਾਰ” ਲਿਖਿਆ ਹੋਇਆ ਸੀ। ਜਾਣਕਾਰੀ ਅਨੁਸਾਰ ਭੂਪੇਸ਼ ਬਘੇਲ ਸੋਮਵਾਰ ਨੂੰ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਮੁਕਤਸਰ ਪਹੁੰਚਣ ਵਾਲੇ ਸਨ। ਹਾਲਾਂਕਿ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਦੇਰ ਰਾਤ ਅਤੇ ਸੋਮਵਾਰ ਸਵੇਰੇ ਸ਼ਹਿਰ ਦੇ ਕਈ ਸਥਾਨਾਂ 'ਤੇ ਇਹ ਵਿਰੋਧੀ ਫਲੇਕਸ ਲਗਾ ਦਿੱਤੇ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਜ਼ਿਆਦਾਤਰ ਪੋਸਟਰ ਹਟਾ ਦਿੱਤੇ ਗਏ। ਇਸ ਦੇ ਬਾਵਜੂਦ ਕੁਝ ਥਾਵਾਂ 'ਤੇ ਅਜੇ ਵੀ ਇਹ ਫਲੇਕਸ ਲੱਗੇ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦਰਮਿਆਨ ਭੂਪੇਸ਼ ਬਘੇਲ ਦਾ ਸੋਮਵਾਰ ਲਈ ਨਿਰਧਾਰਤ ਮੁਕਤਸਰ ਦੌਰਾ ਵੀ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਦੌਰਾ ਰੱਦ ਹੋਣ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।
Leave a Reply