Daily Suraj

ਪੰਜਾਬੀ

ਜੰਡਿਆਲਾ ਗੁਰੂ 'ਚ ਪੁਲੀਸ ਮੁਕਾਬਲੇ ਦੌਰਾਨ ਗੋਲੀਬਾਰੀ ਮਾਮਲੇ ਦਾ ਮੁਲਜ਼ਮ ਕਾਬੂ

10 Jul, 2026 07:37 AM

ਜੰਡਿਆਲਾ ਗੁਰੂ ਨੇੜਲੇ ਪਿੰਡ ਜਾਣੀਆਂ ਦੇ ਮੋੜ 'ਤੇ ਸ਼ੁੱਕਰਵਾਰ ਤੜਕੇ ਪੁਲੀਸ ਨੇ ਇੱਕ ਮੁਕਾਬਲੇ ਦੌਰਾਨ ਗੋਲੀਬਾਰੀ ਦੇ ਮਾਮਲੇ ਵਿੱਚ ਸ਼ਾਮਲ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮੁਕਾਬਲੇ ਦੌਰਾਨ ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ, ਵਾਸੀ ਜੋਤੀਸਰ ਕਲੋਨੀ, ਜੰਡਿਆਲਾ ਗੁਰੂ ਵਜੋਂ ਹੋਈ ਹੈ। ਪੁਲੀਸ ਅਨੁਸਾਰ ਇਹ ਮੁਲਜ਼ਮ ਸਥਾਨਕ ਸ਼ੇਖੂਪੁਰਾ ਮਹੱਲੇ ਵਿੱਚ ਇੱਕ ਘਰ 'ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ਾਂ ਵਿੱਚੋਂ ਇੱਕ ਹੈ। ਡੀਐੱਸਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਅਤੇ ਐੱਸਐੱਚਓ ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੇਖੂਪੁਰਾ ਮਹੱਲੇ ਵਿੱਚ ਕਰੀਬ 36 ਘੰਟੇ ਪਹਿਲਾਂ ਇੱਕ ਘਰ 'ਤੇ ਹੋਈ ਗੋਲੀਬਾਰੀ ਦੀ ਘਟਨਾ ਨੂੰ ਪੁਲੀਸ ਨੇ ਸੁਲਝਾ ਲਿਆ ਹੈ। ਉਨ੍ਹਾਂ ਦੱਸਿਆ ਕਿ ਐੱਸਐੱਚਓ ਹਰਪਾਲ ਸਿੰਘ ਦੀ ਅਗਵਾਈ ਹੇਠ ਜਾਣੀਆਂ ਮੋੜ 'ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਦੂਜੇ ਪਾਸੇ ਤੋਂ ਮੋਟਰਸਾਈਕਲ 'ਤੇ ਆ ਰਹੇ ਇੱਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਸ ਨੇ ਰੁਕਣ ਦੀ ਬਜਾਏ ਪੁਲੀਸ ਪਾਰਟੀ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਮੋਟਰਸਾਈਕਲ ਸਵਾਰ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਮੁਕਾਬਲੇ ਤੋਂ ਬਾਅਦ ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ 30 ਬੋਰ ਦਾ ਪਿਸਟਲ, ਤਿੰਨ ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਡੀਐੱਸਪੀ ਬਲਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਖ਼ਿਲਾਫ਼ ਪਹਿਲਾਂ ਤੋਂ ਹੀ 9 ਅਪਰਾਧਿਕ ਮੁਕੱਦਮੇ ਦਰਜ ਹਨ।

Posted By: Daily Suraj Bureau

Latest News