Daily Suraj

ਪੰਜਾਬੀ

ਅਮਰੀਕਾ ਵਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਦੀ ਉਡਾਣ ਨੂੰ ਅੰਮ੍ਰਿਤਸਰ ਵਿਖੇ ਉਤਰਨਾ ਸਾਜਿਸ਼ -ਸੁਖਜਿੰਦਰ ਸਿੰਘ ਰੰਧਾਵਾ

06 Feb, 2025 05:30 AM

 ਪਠਾਨਕੋਟ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅਮਰੀਕਾ ਵਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਵਿਖੇ ਉਤਾਰਨ 'ਤੇ ਸਖ਼ਤ ਇਤਰਾਜ ਜਤਾਇਆ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਕੇਂਦਰ ਸਰਕਾਰ ਵਲੋਂ ਸਾਜਿਸ਼ ਤਹਿਤ ਕੀਤਾ ਗਿਆ ਹੈ, ਜਿਸ ਦਾ ਮੁੱਖ ਮਕਸਦ ਪੰਜਾਬ ਅਤੇ ਪੰਜਾਬੀਆਂ ਦੇ ਅਕਸ ਨੂੰ ਵਿਸ਼ਵ ਭਰ ਵਿਚ ਠੇਸ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਜਾਣਬੁੱਝ ਕੇ ਲੈਂਡਿੰਗ ਦਾ ਦਿਨ 5 ਫਰਵਰੀ ਚੁਣਿਆ ਗਿਆ ਤਾਂ ਕਿ ਸਾਰਾ ਮੀਡੀਆ ਦਿੱਲੀ ਦੀਆਂ ਚੋਣਾਂ ਮਗਰ ਰੁੱਝਿਆ ਰਹੇ ਤੇ ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਮਹਾਂਕੁੰਭ ਇਸ਼ਨਾਨ 'ਤੇ ਪਹੁੰਚ ਗਏ ਤੇ ਪੂਰਾ ਦਿਨ ਬਾਕੀ ਦਾ ਮੀਡੀਆ ਉਨ੍ਹਾਂ ਨੂੰ ਹੀ ਦਿਖਾਈ ਗਿਆ।

ਨੌਜਵਾਨਾਂ ਦੀ ਜ਼ਿੰਦਗੀ ਨਾਲ ਜੁੜੇ ਦੇਸ਼ ਦੇ ਏਡੇ ਵੱਡੇ ਮਸਲੇ ਨੂੰ ਜਾਣਬੁੱਝ ਕੇ ਅੱਖੋਂ ਪਰੋਖੇ ਕੀਤਾ ਗਿਆ। ਉਨ੍ਹਾਂ ਕਿਹਾ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਲਈ ਹਾਅ ਦਾ ਨਾਅਰਾ ਮਾਰਨ ਦੀ ਬਜਾਇ ਕੇਂਦਰ ਸਰਕਾਰ ਨੇ ਡਿਪੋਰਸ਼ਨ ਲਈ ਹਾਮੀ ਭਾਰੀ ਜੋ ਕਿ ਦੇਸ਼ ਵਿਦੇਸ਼ ਵਿਚ ਬੈਠੇ ਹਰ ਭਾਰਤੀ ਲਈ ਦੁਖਦਾਇਕ ਹੈ।

ਕਿਰਤ ਦੀ ਭਾਲ ਵਿਚ ਬੇਘਰ ਹੋਏ ਇਨ੍ਹਾਂ ਨੌਜਵਾਨਾਂ ਨਾਲ ਕੀਤਾ ਗਿਆ ਕੈਦੀਆਂ ਵਰਗਾ ਵਿਵਹਾਰ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਉਹ ਡਿਪੋਰਟ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹੋਏ ਸੂਬਾ ਤੇ ਕੇਂਦਰ ਸਰਕਾਰ ਕੋਲੋਂ ਮੰਗ ਕਰਦੇ ਹਨ ਕਿ ਇਨ੍ਹਾਂ ਨੌਜਵਾਨਾਂ ਨੂੰ ਪੱਕੇ ਰੁਜ਼ਗਾਰ ਦਿੱਤੇ ਜਾਣ ਅਤੇ ਇਨ੍ਹਾਂ ਨੂੰ ਗੁੰਮਰਾਹ ਕਰਕੇ ਗੈਰਕਾਨੂੰਨੀ ਤਰੀਕੇ ਨਾਲ ਭੇਜਣ ਵਾਲੇ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਇਨਸਾਫ਼ ਦਿਲਾਇਆ ਜਾਵੇ।

Posted By: Daily Suraj Bureau

Latest News