ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ ਭਲਕੇ 23 ਨੂੰ
ਪੰਜਾਬ ਪੈਨਸ਼ਨਰਜ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਇੱਕ ਮੀਟਿੰਗ ਮਿਤੀ 23 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ ਠੀਕ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ, ਨੇੜੇ ਬੱਸ ਸਟੈਂਡ ਜਲੰਧਰ ਵਿਖੇ ਰੱਖੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ ਅਤੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਦੱਸਿਆ ਹੈ ਕਿ ਮੀਟਿੰਗ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਐਕਸ਼ਨਾਂ ਦੀ ਰਿਪੋਰਟਿੰਗ , 20 ਦਸੰਬਰ 2025 ਨੂੰ ਮੋਗਾ ਵਿਖੇ ਹੋਈ ਸੂਬਾ ਪੱਧਰੀ ਕਨਵੈਨਸ਼ਨ ਅਤੇ 16 ਜਨਵਰੀ 2026 ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ' ਤੇ ਡਿਪਟੀ ਕਮਿਸ਼ਨਰ ਦੇ ਦਫਤਰਾਂ ਸਾਹਮਣੇ ਕੀਤੇ ਗਏ ਜ਼ਿਲ੍ਹਾ ਪੱਧਰੀ ਐਕਸ਼ਨਾਂ ਵਿੱਚ ਪੈਨਸ਼ਨਰਾਂ ਦੀ ਸ਼ਮੂਲੀਅਤ ਦਾ ਰਿਵਿਊ ਕੀਤਾ ਜਾਵੇਗਾ । ਇਸ ਤੋਂ ਇਲਾਵਾ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਤੇ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਇਸ ਹੜਤਾਲ ਨੂੰ ਸਫਲ ਬਣਾਉਣ ਸਬੰਧੀ ਫੈਸਲਾ ਲਿਆ ਜਾਵੇਗਾ। ਆਗੂਆਂ ਨੇ ਅੱਗੇ ਦੱਸਿਆ ਕਿ20 ਦਸੰਬਰ 2025 ਨੂੰ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ , ਮੋਗਾ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਅਤੇ ਏਟਕ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਸੂਬਾਈ ਕਨਵੈਂਸ਼ਨ ਵਿੱਚ ਦਿੱਤੇ ਗਏ ਐਕਸ਼ਨ ਪ੍ਰੋਗਰਾਮ ਲਾਗੂ ਕਰਨ ਸਬੰਧੀ ਫੈਸਲੇ ਕੀਤੇ ਜਾਣਗੇ । ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀ ਏ ਦੀਆਂ ਬਕਾਇਆ ਪਈਆਂ ਪੰਜ ਕਿਸਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਤੁਰੰਤ ਸਥਾਪਨਾ ਕੀਤੀ ਜਾਵੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਦੇ ਤਨਖਾਹ ਸਕੇਲਾਂ ਸਬੰਧੀ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਤੁਰੰਤ ਜਨਰਲਾਈਜ਼ ਕੀਤਾ ਜਾਵੇ, ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਵੱਖ ਵੱਖ ਅਦਾਲਤੀ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਤੁਰੰਤ ਹੱਲ ਕੀਤੇ ਜਾਣ।
Posted By: Daily Suraj Bureau